ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

Tarn Taran Election Officer: ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੁੱਚੇ ਚੋਣ ਅਮਲੇ ਨੂੰ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ। Tarn Taran By-Election: ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ […]
Jaspreet Singh
By : Updated On: 08 Nov 2025 19:31:PM
ਨਕਦੀ, ਸ਼ਰਾਬ ਅਤੇ ਫ੍ਰੀ ਸਮਾਨ ਵੰਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਦੇ ਹੁਕਮ ਜਾਰੀ

Tarn Taran Election Officer: ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੁੱਚੇ ਚੋਣ ਅਮਲੇ ਨੂੰ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ।

Tarn Taran By-Election: ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰੇਕ ਪ੍ਰਕਾਰ ਦੇ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਨਿਯਮਾਂ ਮੁਤਾਬਕ ਜ਼ਿਮਨੀ ਚੋਣ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ ਵੱਲੋਂ ਕੀਤਾ ਗਿਆ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੁੱਚੇ ਚੋਣ ਅਮਲੇ ਨੂੰ ਵੋਟਿੰਗ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਵਧਾਉਣ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ, ਸ਼ਰਾਬ ਅਤੇ ਕਿਸੇ ਵੀ ਤਰ੍ਹਾਂ ਦੇ ਮੁਫਤ ਸਮਾਨ ਵੰਡਣ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ 9 ਨਵੰਬਰ ਨੂੰ ਸ਼ਾਮੀ ਚੋਣ ਪ੍ਰਚਾਰ ਸਮਾਪਤ ਹੋਣ ਤੋਂ ਬਾਅਦ ਸਿਆਸੀ ਪਾਰਟੀਆਂ ਨਾਲ ਸਬੰਧਤ ਕੋਈ ਵੀ ਬਾਹਰੀ ਵਿਅਕਤੀ ਤਰਨ ਤਾਰਨ ਹਲਕੇ ਵਿੱਚ ਨਾ ਹੋਵੇ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨੇ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਹਾਲ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਵੋਟਰਾਂ ਅਤੇ ਚੋਣ ਅਮਲੇ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਨਾਕਿਆਂ ਉੱਤੇ ਸੀਸੀਟੀਵੀ ਅਤੇ ਪੈਟਰੋਲਿੰਗ ਟੀਮਾਂ ਰਾਹੀਂ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਰੋਕੀ ਜਾ ਸਕੇ।

ਵੋਟਿੰਗ ਲਈ ਕੁੱਲ 114 ਥਾਵਾਂ ‘ਤੇ 222 ਪੋਲਿੰਗ ਬੂਥ

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਤਰਨ ਤਾਰਨ ਵਿੱਚ ਵੋਟਿੰਗ ਲਈ ਕੁੱਲ 114 ਥਾਵਾਂ ਉੱਤੇ 222 (ਸ਼ਹਿਰੀ 60 ਅਤੇ ਪੇਂਡੂ 162) ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 100 ਪੋਲਿੰਗ ਬੂਥਾਂ ਦੀ ਪਛਾਣ ਸੰਵੇਦਨਸ਼ੀਲ ਪੋਲਿੰਗ ਬੂਥਾਂ ਵਜੋਂ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ 9 ਮਾਡਲ ਪੋਲਿੰਗ ਬੂਥ ਅਤੇ ਮਹਿਲਾਵਾਂ ਨੂੰ ਸਮਰਪਿਤ 3 ਪੋਲਿੰਗ ਬੂਥ ਬਣਾਏ ਗਏ ਹਨ। ਜਦਕਿ ਦਿਵਿਆਂਗ ਵੋਟਰਾਂ ਅਤੇ ਨੌਜਵਾਨ ਵੋਟਰਾਂ ਲਈ 1-1 ਪੋਲਿੰਗ ਬੂਥ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ ਅਤੇ 100 ਫੀਸਦੀ ਵੈੱਬਕਾਸਟਿੰਗ ਨੂੰ ਯਕੀਨੀ ਬਣਾਇਆ ਗਿਆ ਹੈ।

9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡ੍ਰਾਈ ਡੇਅ

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚ 9 ਨਵੰਬਰ ਨੂੰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਡ੍ਰਾਈ ਡੇਅ ਐਲਾਨਿਆ ਗਿਆ ਹੈ। ਇਸ ਦੌਰਾਨ ਪੁਲਿਸ ਅਤੇ ਐਕਸਾਇਜ਼ ਵਿਭਾਗ ਦੀਆਂ ਟੀਮਾਂ ਗੈਰ ਕਾਨੂੰਨੀ ਸ਼ਰਾਬ ਦੀ ਆਮਦ ਉੱਤੇ ਨਜ਼ਰ ਰੱਖਣ ਲਈ ਤਾਇਨਾਤ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਸੁਰੱਖਿਆ ਏਜੰਸੀਆਂ ਦੇ 768 ਅਤੇ ਪੰਜਾਬ ਪੁਲਿਸ ਦੇ 876 ਜਵਾਨ ਤਾਇਨਾਤ ਕੀਤੇ ਗਏ ਹਨ। ਸਾਰੇ 114 ਪੋਲਿੰਗ ਸਥਾਨਾਂ `ਤੇ 480 ਕੇਂਦਰੀ ਬਲਾਂ ਦੇ ਜਵਾਨ ਤਾਇਨਾਤ ਰਹਿਣਗੇ।

ਵੋਟਿੰਗ ਤੋਂ 72 ਘੰਟੇ ਪਹਿਲਾਂ 22 ਪੈਟਰੋਲਿੰਗ ਪਾਰਟੀਆਂ ਵਲੋਂ ਗਸ਼ਤ

ਉਨ੍ਹਾਂ ਦੱਸਿਆ ਕਿ ਗੈਰ-ਸਮਾਜਿਕ ਅਨਸਰਾਂ ਉੱਤੇ ਨਜ਼ਰ ਰੱਖਣ, ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਅਤੇ ਸ਼ਰਾਬ, ਨਕਦੀ ਤੇ ਨਸ਼ੀਲੇ ਪਦਾਰਥਾਂ ਦੀ ਆਮਦ ‘ਤੇ ਨੱਥ ਪਾਉਣ ਲਈ ਨਾਲ ਲੱਗਦੇ ਜ਼ਿਲ੍ਹਿਆਂ ਦੀ ਸਰਹੱਦ ‘ਤੇ ਛੇ ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ ਵੋਟਿੰਗ ਤੋਂ 72 ਘੰਟੇ ਪਹਿਲਾਂ 22 ਪੈਟਰੋਲਿੰਗ ਪਾਰਟੀਆਂ ਵੱਲੋਂ ਹਲਕੇ ਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,92,838 ਹੈ। ਇਸ ਵਿੱਚ 1,00,933 ਪੁਰਸ਼ ਵੋਟਰ, 91,897 ਮਹਿਲਾ ਵੋਟਰ ਅਤੇ 8 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਇਸ ਤੋਂ ਇਲਾਵਾ ਕੁੱਲ ਸਰਵਿਸ ਵੋਟਰ 1,357, ਜਦਕਿ 85 ਸਾਲ ਦੀ ਉਮਰ ਤੋਂ ਵੱਧ ਵਾਲੇ ਕੁੱਲ ਵੋਟਰਾਂ ਦੀ ਗਿਣਤੀ 1,657 ਹੈ। ਉੱਥੇ ਹੀ ਕੁੱਲ ਐਨ.ਆਰ.ਆਈ ਵੋਟਰ 306 ਅਤੇ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 1,488 ਹੈ। ਇਸ ਦੇ ਨਾਲ ਹੀ 18 ਤੋਂ 19 ਸਾਲ ਦੀ ਉਮਰ ਵਾਲੇ ਵੋਟਰਾਂ ਦੀ ਕੁੱਲ ਗਿਣਤੀ 3,333 ਹੈ।

Read Latest News and Breaking News at Daily Post TV, Browse for more News

Ad
Ad