ਪਾਕਿਸਤਾਨ ਨੇ 50 ਸਿੱਖ ਸ਼ਰਧਾਲੂਆਂ ਨੂੰ ਭਾਰਤ ਆਉਣ ਦੀ ਦਿੱਤੀ ਮਨਜ਼ੂਰੀ
Pakistan grant permission to 50 Sikh pilgrims: ਨਵੀਂ ਦਿੱਲੀ: ਅੰਤਰਰਾਸ਼ਟਰੀ ਪੱਧਰ ’ਤੇ ਆਲੋਚਨਾ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਯਾਤਰਾ ਲਈ ਮਨਜ਼ੂਰੀ ਦੇ ਦਿੱਤੀ ਹੈ। ਇਹ ਜਥਾ 8 ਅਕਤੂਬਰ ਨੂੰ ਤਾਸ਼ਕੰਦ ਰਾਹੀਂ ਦਿੱਲੀ ਪਹੁੰਚੇਗਾ ਅਤੇ ਕਰੀਬ ਇੱਕ ਮਹੀਨੇ ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਹੇਮਕੁੰਟ ਸਾਹਿਬ ਸਮੇਤ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ।
ਇਸ ਤੋਂ ਪਹਿਲਾਂ 11 ਸਤੰਬਰ ਨੂੰ 104 ਸਿੱਖ ਸ਼ਰਧਾਲੂਆਂ ਨੂੰ ਭਾਰਤ ਆਉਣ ਲਈ ਵੀਜ਼ੇ ਜਾਰੀ ਕੀਤੇ ਗਏ ਸਨ। ਹਾਲਾਂਕਿ, ਇਨ੍ਹਾਂ ਵਿੱਚੋਂ 92 ਸ਼ਰਧਾਲੂ ਜਦੋਂ ਹਵਾਈ ਅੱਡੇ ’ਤੇ ਪਹੁੰਚੇ ਤਾਂ ਐੱਨਓਸੀ ਕਲੀਅਰੈਂਸ ਨਾ ਹੋਣ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਸੀ। ਇਸ ਘਟਨਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਦੀ ਆਲੋਚਨਾ ਹੋਈ ਸੀ।
ਸ੍ਰੀ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਦੇ ਪ੍ਰਧਾਨ ਰੋਬਿਨ ਗਿੱਲ ਨੇ ਪਾਕਿਸਤਾਨ ਸਰਕਾਰ ਤੋਂ ਐੱਨਓਸੀ ਦੇ ਨਾਂ ’ਤੇ ਸਿੱਖ ਸ਼ਰਧਾਲੂਆਂ ਨੂੰ ਪਰੇਸ਼ਾਨ ਨਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਨੂੰ ਖੁੱਲ੍ਹੇ ਦਿਲ ਨਾਲ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਅਟਾਰੀ-ਵਾਹਗਾ ਸੜਕ ਮਾਰਗ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਮੁੜ ਬਹਾਲ ਕਰਨ ਦੀ ਵੀ ਮੰਗ ਕੀਤੀ।
