‘ਕੀ ਪਤਾ ਕਦੋਂ ਕੀਹਨੂੰ ਜੇਲ੍ਹ ਜਾਣਾ ਪੈ ਜਾਵੇ!’ ਪਠਾਣਮਾਜਰਾ ਦੇ ਬਿਆਨ ‘ਤੇ ਵਿਧਾਨ ਸਭਾ ਵਿੱਚ ਲੱਗੇ ਠਹਾਕੇ
Pathan Majra’s statement on Jails: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਉਸ ਵੇਲੇ ਹਾਸੇ ਦਾ ਮਾਹੌਲ ਬਣ ਗਿਆ, ਜਦੋਂ ਸੱਤਾਧਾਰੀ ਧਿਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਠਿੰਡਾ ਜੇਲ੍ਹ ਵਿੱਚ ਵਾਟਰ ਕੂਲਰਾਂ ਦੀ ਘਾਟ ਦਾ ਮੁੱਦਾ ਚੁੱਕਿਆ। ਪਠਾਣਮਾਜਰਾ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਸਿਰਫ਼ ਇੱਕ ਹੀ ਵਾਟਰ ਕੂਲਰ ਹੈ, ਜਦਕਿ ਉੱਥੇ 2,000 ਤੋਂ ਵੱਧ ਕੈਦੀ ਬੰਦ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਕੈਦੀਆਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜੇਲ੍ਹਾਂ ਵਿੱਚ ਵਾਟਰ ਕੂਲਰਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ।
ਇਸ ਦੌਰਾਨ ਉਨ੍ਹਾਂ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ, “ਮੈਨੂੰ ਤਾਂ ਹੁਣੇ ਜੇਲ੍ਹ ਜਾਣ ਦਾ ਤਜਰਬਾ ਹਾਸਲ ਹੋਇਆ ਹੈ, ਪਰ ਹੁਣ ਤਾਂ ਹੋਰ ਕਈ ਜਣੇ ਜੇਲ੍ਹ ਜਾ ਚੁੱਕੇ ਹਨ। ਇਹ ਵੀ ਨਹੀਂ ਪਤਾ ਕਦੋਂ ਕਿਸ ਨੂੰ ਜੇਲ੍ਹ ਜਾਣਾ ਪੈ ਜਾਵੇ।” ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਸਦਨ ਵਿੱਚ ਹਾਸੇ ਅਤੇ ਠਹਾਕਿਆਂ ਦਾ ਮਾਹੌਲ ਬਣ ਗਿਆ।
ਜਵਾਬ ਦਿੰਦਿਆਂ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਨਵੇਂ ਵਾਟਰ ਕੂਲਰ ਲਗਾਉਣ ਜਾ ਰਹੀ ਹੈ ਅਤੇ ਇਸ ਲਈ ਟੈਂਡਰ ਦੀ ਪ੍ਰਕਿਰਿਆ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਪੰਜਾਬ ਦੀਆਂ ਕਈ ਜੇਲ੍ਹਾਂ ਵਿੱਚ ਸਮਰੱਥਾ ਤੋਂ ਵੱਧ ਕੈਦੀ ਬੰਦ ਹਨ, ਜਿਸ ਕਾਰਨ ਬੁਨਿਆਦੀ ਸਹੂਲਤਾਂ ‘ਤੇ ਵਾਧੂ ਦਬਾਅ ਪੈ ਰਿਹਾ ਹੈ। ਸਰਕਾਰ ਵੱਲੋਂ ਜੇਲ੍ਹਾਂ ਵਿੱਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
