ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ
ਪਟਿਆਲਾ: ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਸਖ਼ਤ ਰੁਖ਼ ਅਖ਼ਤਿਆਰ ਕਰਦਾ ਨਜ਼ਰ ਆ ਰਿਹਾ ਹੈ। ਕਮਿਸ਼ਨ ਨੇ ਜ਼ਿਲ੍ਹੇ ਵਿੱਚ ਤਾਇਨਾਤ ਛੇ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਐੱਸ.ਐੱਸ.ਪੀ. ਪਟਿਆਲਾ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਜਲਦੀ ਭੇਜਣ ਲਈ ਕਿਹਾ ਗਿਆ ਹੈ। ਰਾਜ ਚੋਣ ਕਮਿਸ਼ਨ ਦੇ ਮੁਖੀ ਰਾਜ ਕਮਲ ਚੌਧਰੀ ਵੱਲੋਂ ਜਾਰੀ ਪੱਤਰ ਵਿੱਚ ਐੱਸ.ਐੱਸ.ਪੀ. ਨੂੰ ਇਨ੍ਹਾਂ ਹੁਕਮਾਂ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਰਿਲੀਵ ਕੀਤੇ ਜਾਣ ਵਾਲੇ ਅਧਿਕਾਰੀਆਂ ਵਿੱਚ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ. ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋਂ, ਥਾਣਾ ਲਾਹੌਰੀ ਗੇਟ ਦੇ ਐੱਸ.ਐੱਚ.ਓ. ਇੰਸਪੈਕਟਰ ਸੌਰਵ ਸਬਰਵਾਲ ਅਤੇ ਥਾਣਾ ਕੋਤਵਾਲੀ ਦੇ ਐੱਸ.ਐੱਚ.ਓ. ਇੰਸਪੈਕਟਰ ਅਮਨਪਾਲ ਸਿੰਘ ਵਿਰਕ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸਬ-ਇੰਸਪੈਕਟਰ ਗੁਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਦੇ ਨਾਂ ਵੀ ਸੂਚੀ ਵਿੱਚ ਹਨ।
12 ਨਵੰਬਰ ਨੂੰ ਜਾਰੀ ਹੋਏ ਸਨ ਤਬਾਦਲੇ ਦੇ ਹੁਕਮ
ਜਾਣਕਾਰੀ ਅਨੁਸਾਰ, ਡੀ.ਆਈ.ਜੀ. ਪਟਿਆਲਾ ਰੇਂਜ ਵੱਲੋਂ 12 ਨਵੰਬਰ ਨੂੰ ਛੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ, ਪਰ ਇਨ੍ਹਾਂ ਨੂੰ ਹਾਲੇ ਤੱਕ ਰਿਲੀਵ ਨਹੀਂ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਅਨੁਜ ਖੋਸਲਾ ਵੱਲੋਂ ਵੀ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਐੱਸ.ਐੱਸ.ਪੀ. ਪਟਿਆਲਾ ਤੋਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਇਸ ਦੀ ਰਿਪੋਰਟ ਭੇਜਣ ਲਈ ਕਿਹਾ ਹੈ।