ਪੰਜਾਬ ‘ਚ ਪਟਵਾਰੀਆਂ ਦਾ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨਣ ‘ਤੇ ਵੱਡੇ ਸੰਘਰਸ਼ ਦੀ ਚੇਤਾਵਨੀ
Punjab Patwari Union Protest; ਬਰਨਾਲਾ ਵਿੱਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਟਵਾਰ ਯੂਨੀਅਨ ਵੱਲੋਂ ਆਪਣਾ ਕੰਮਕਾਜ ਛੱਡ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਭਰ ਤੋਂ ਪਟਵਾਰੀ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ।
ਪਟਵਾਰ ਯੂਨੀਅਨ ਬਰਨਾਲਾ ਦੇ ਪ੍ਰਧਾਨ ਪਟਵਾਰੀ ਮੰਦਰ ਸਿੰਘ ਔਲਖ ਅਤੇ ਰੈਵਨਿਊ ਪਟਵਾਰ ਯੂਨੀਅਨ ਦੇ ਪ੍ਰਚਾਰ ਸਕੱਤਰ ਹਿਮਾਂਸ਼ੂ ਗੌਤਮ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਚੋਣਾਂ ਦੌਰਾਨ ਪਟਵਾਰੀਆਂ ਦੀਆਂ ਲੰਬਿਤ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਮੰਗਾਂ ਪੂਰੀਆਂ ਨਹੀਂ ਹੋਈਆਂ।
ਪਟਵਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਪ੍ਰਸ਼ਾਸਨਿਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਇਸ ਦੇ ਉਲਟ 1056 ਪੋਸਟਾਂ ਖਤਮ ਕਰ ਦਿੱਤੀਆਂ ਗਈਆਂ।
ਯੂਨੀਅਨ ਆਗੂਆਂ ਨੇ ਕਿਹਾ ਕਿ ਪਟਵਾਰੀਆਂ ਨੂੰ ਵਧੀਆ ਪੇਅ ਸਕੇਲ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਮੌਜੂਦਾ ਸਮੇਂ ਵਿੱਚ ਸਿਰਫ਼ 18 ਤੋਂ 19 ਹਜ਼ਾਰ ਰੁਪਏ ਦੇ ਕਰੀਬ ਤਨਖਾਹ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕੰਮ ਦਾ ਬੋਝ ਜ਼ਿਆਦਾ ਹੈ, ਪਰ ਤਨਖਾਹ ਘੱਟ ਹੋਣ ਕਾਰਨ ਮੁਲਾਜ਼ਮਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਵਿੱਚ ਪਟਵਾਰੀਆਂ ਨੂੰ ਬਿਹਤਰ ਪੇਅ ਸਕੇਲ ਦਿੱਤਾ ਜਾ ਰਿਹਾ ਹੈ, ਜਦਕਿ ਪੰਜਾਬ ਵਿੱਚ ਇਸ ਸਬੰਧੀ ਕੋਈ ਵੱਡਾ ਫੈਸਲਾ ਨਹੀਂ ਲਿਆ ਗਿਆ।
ਪਟਵਾਰੀ ਯੂਨੀਅਨ ਨੇ ਕਿਹਾ ਕਿ ਘੱਟ ਤਨਖਾਹ ਕਾਰਨ ਹੁਣ ਨੌਜਵਾਨ ਪਟਵਾਰੀ ਦੀ ਨੌਕਰੀ ਵੱਲ ਘੱਟ ਰੁਝਾਨ ਦਿਖਾ ਰਹੇ ਹਨ ਅਤੇ ਕਈ ਮੁਲਾਜ਼ਮ ਨੌਕਰੀ ਛੱਡਣ ਲਈ ਮਜਬੂਰ ਹੋ ਰਹੇ ਹਨ।
ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ‘ਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਨਾ ਦੇਣ ਦਾ ਵੀ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
