ਨਸ਼ਿਆਂ ਖ਼ਿਲਾਫ਼ ਪੁਲਿਸ-ਬੀਐਸਐਫ ਦੀ ਵੱਡੀ ਕਾਰਵਾਈ, ਆਈਸ ਡਰੱਗ ਤੇ 2.5 ਕਿਲੋ ਤੋਂ ਵੱਧ ਹੈਰੋਇਨ ਬਰਾਮਦ
Amritsar police action; ਅੰਮ੍ਰਿਤਸਰ ਵਿੱਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਘਰਿੰਡਾ ਥਾਣਾ ਖੇਤਰ ਵਿੱਚ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਕੁੱਲ 578 ਗ੍ਰਾਮ ਆਈਸ ਡਰੱਗ ਅਤੇ 2 ਕਿਲੋ 591 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪਹਿਲੇ ਮਾਮਲੇ ਵਿੱਚ ਬੀਐਸਐਫ ਦੀ ਬੀਓਪੀ ਪੁਲਮੋਰਾਂ ਇਲਾਕੇ ਤੋਂ ਇੱਕ ਸ਼ੱਕੀ ਪੈਕਟ ਬਰਾਮਦ ਕੀਤਾ ਗਿਆ। ਪੈਕਟ ਦਾ ਕੁੱਲ ਵਜ਼ਨ 578 ਗ੍ਰਾਮ ਸੀ, ਜਿਸ ਵਿੱਚ ਪੈਕਿੰਗ ਸਮੱਗਰੀ ਸਮੇਤ ਆਈਸ ਡਰੱਗ ਬਰਾਮਦ ਹੋਈ। ਇਸ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
591 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
ਦੂਜੇ ਮਾਮਲੇ ਵਿੱਚ ਪੁਲਿਸ ਨੇ ਸੁਖਦਿਆਲ ਸਿੰਘ ਵਾਸੀ ਅਟਾਰੀ ਅਤੇ ਹਰਦੇਵ ਸਿੰਘ ਵਾਸੀ ਨੇਸ਼ਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐਸਐਫ ਦੀ ਬੀਓਪੀ ਮਹਾਵਾ ਇਲਾਕੇ ਵਿੱਚ ਦੋਵਾਂ ਕੋਲੋਂ 591 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁਲਜ਼ਮਾਂ ਕੋਲੋਂ ਇੱਕ ਮੋਬਾਈਲ ਫੋਨ, 1120 ਰੁਪਏ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਦੋਵਾਂ ਖ਼ਿਲਾਫ਼ ਧਾਰਾ 21-C ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
2 ਕਿਲੋ ਹੈਰੋਇਨ ਸਮੇਤ ਮੰਨਾ ਗ੍ਰਿਫ਼ਤਾਰ
ਤੀਜੇ ਮਾਮਲੇ ਵਿੱਚ ਪੁਲਿਸ ਨੇ ਮਨਪ੍ਰੀਤ ਸਿੰਘ ਉਰਫ਼ ਮੰਨਾ ਵਾਸੀ ਮੋੜੇ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਤਸਕਰੀ ਕਰਦਾ ਹੈ ਅਤੇ ਸਪਲਾਈ ਲਈ ਜਾ ਰਿਹਾ ਹੈ।
ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਧਾਰਾ 21-C ਅਤੇ 25 ਐਨਡੀਪੀਐਸ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
