ਪੁਲਿਸ ਵੱਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 4 ਗ੍ਰਿਫ਼ਤਾਰ
Police bust inter-state arms smuggling gang: ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਨੇ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7 ਪਿਸਤੌਲ ਅਤੇ 8 ਮੈਗਜ਼ੀਨ ਬਰਾਮਦ ਕੀਤੇ ਹਨ। ਬਰਾਮਦ ਹਥਿਆਰਾਂ ਵਿੱਚ ਇੱਕ ਗਲੌਕ ਪਿਸਤੌਲ ਅਤੇ 6 .30 ਕੈਲੀਬਰ ਪਿਸਤੌਲ ਸ਼ਾਮਲ ਹਨ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਸਬੰਧ ਦੁਬਈ ਅਤੇ ਅਮਰੀਕਾ ਵਿੱਚ ਬੈਠੇ ਵਿਅਕਤੀਆਂ ਨਾਲ ਸਨ। ਪੁਲਿਸ ਮੁਤਾਬਕ ਇਨ੍ਹਾਂ ਵਿਅਕਤੀਆਂ ਦੇ ਨਿਰਦੇਸ਼ਾਂ ’ਤੇ ਮੁਲਜ਼ਮਾਂ ਵੱਲੋਂ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤੇ ਗਏ ਸਨ।
ਇਸ ਸਬੰਧੀ ਥਾਣਾ ਕਲਾਨੌਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਗਿਰੋਹ ਦੇ ਪੂਰੇ ਨੈੱਟਵਰਕ ਅਤੇ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ।
