ਮੋਹਾਲੀ ‘ਚ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਐਨਕਾਊਂਟਰ, ਦੋ ਤਸਕਰ ਜ਼ਖ਼ਮੀ
Mohali Police Encounter; ਮੋਹਾਲੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੰਡਸਟਰੀਅਲ ਏਰੀਆ ਵਿੱਚ ਮੁਕਾਬਲਾ ਕੀਤਾ। ਮੁੱਢਲੀ ਜਾਣਕਾਰੀ ਅਨੁਸਾਰ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋ ਕਥਿਤ ਨਸ਼ਾ ਤਸਕਰ ਜ਼ਖ਼ਮੀ ਹੋ ਗਏ ਹਨ।
ਜਾਣਕਾਰੀ ਮੁਤਾਬਕ, ਸ਼ਨੀਵਾਰ ਨੂੰ ਨਸ਼ਾ ਤਸਕਰਾਂ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੋਈ ਸੀ।
ਸੋਮਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਇੰਡਸਟਰੀਅਲ ਏਰੀਆ ਵਿੱਚ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਘੇਰਾਬੰਦੀ ਕੀਤੀ, ਜਿਸ ਦੌਰਾਨ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋ ਗਿਆ।
ਜ਼ਖ਼ਮੀ ਮੁਲਜ਼ਮ ਹਸਪਤਾਲ ਦਾਖ਼ਲ
ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਦੋਵੇਂ ਮੁਲਜ਼ਮਾਂ ਨੂੰ ਇਲਾਜ ਲਈ ਮੋਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੋਹਾਲੀ ਦੇ ਐੱਸਪੀ ਵੀ ਮੌਕੇ ‘ਤੇ ਪਹੁੰਚ ਰਹੇ ਹਨ। ਪੁਲਿਸ ਵੱਲੋਂ ਐਨਕਾਊਂਟਰ, ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਖ਼ਿਲਾਫ਼ ਦਰਜ ਮਾਮਲਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜਲਦ ਸਾਂਝੀ ਕੀਤੇ ਜਾਣ ਦੀ ਸੰਭਾਵਨਾ ਹੈ।