ਸ੍ਰੀ ਮੁਕਤਸਰ ਸਾਹਿਬ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਪਿੰਡ ਬਣਵਾਲਾ ਅਣੂ, ਮਿੱਡੂ ਖੇੜਾ ਅਤੇ ਕਿੱਲਿਆਂਵਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੇ ਕਿਹਾ ਕਿ ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ ਹੈ।
ਕੈਬਨਿਟ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹਨਾਂ ਪ੍ਰੋਗਰਾਮਾਂ ਦਾ ਮੁੱਖ ਮਕਸਦ ਵੀ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮੂਹ ਸਮਾਜ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ।
ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਚਾਉਣ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁਫਤ ਇਲਾਜ ਦੀ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਾ ਵੇਚਣ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਦੇਣ ਅਤੇ ਅਜਿਹੇ ਵਿਅਕਤੀਆਂ ਦਾ ਸਮਾਜਿਕ ਬਾਈਕਾਟ ਕਰਨ ਦੀ ਅਪੀਲ ਕੀਤੀ, ਜਿਸ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ, ਸਰਪੰਚਾਂ, ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਸਮੇਤ ਸਮੂਹ ਪਿੰਡ ਵਾਸੀਆਂ ਨੇ ਸਹੁੰ ਚੁੱਕੀ, ਕਿ ਉਹ ਨਸ਼ਿਆਂ ਦੇ ਵਿਰੁੱਧ ਇਸ ਜੰਗ ਵਿੱਚ ਸਰਕਾਰ ਦਾ ਪੂਰਨ ਸਹਿਯੋਗ ਦੇਣਗੇ।