ਪਾਵਰਕਾਮ ਦਾ JE ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ 10000 ਰੁਪਏ ਰਿਸ਼ਵਤ
Punjab Vigilance Bureau: ਜਲਾਲਾਬਾਦ (ਪੱਛਮੀ) ਸਥਿਤ PSPCL ‘ਚ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।
Powercom JE arrested in Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ PSPCL ‘ਚ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।
ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਸਲਵਿੰਦਰ ਸਿੰਘ ਵਾਸੀ ਪਿੰਡ ਜਮਾਲਗੜ੍ਹ, ਤਹਿਸੀਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਤੋਂ ਰਿਸ਼ਵਤ ਦੀ ਮੰਗ ਕੀਤੀ ਸੀ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਉਸਦੀ ਜ਼ਮੀਨ ’ਤੇ ਮੋਟਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਮੰਗੀ 10000 ਰੁਪਏ ਰਿਸ਼ਵਤ
ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਜੂਨੀਅਰ ਇੰਜੀਨੀਅਰ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਪਹਿਲੀ ਕਿਸ਼ਤ ਵਜੋਂ 3000/- ਰੁਪਏ ਬਤੌਰ ਰਿਸ਼ਵਤ ਲਏ ਸਨ ਅਤੇ ਬਾਅਦ ਵਿੱਚ ਇਸ ਕੰਮ ਲਈ ਬਕਾਇਆ 7000 ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਸ਼ਿਕਾਇਤਕਰਤਾ ਨੇ 7000 ਰੁਪਏ ਰਿਸ਼ਵਤ ਮੰਗਣ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ ਸੀ।
ਜਾਂਚ ਦੇ ਆਧਾਰ ’ਤੇ ਮੁਲਜ਼ਮ ਜੂਨੀਅਰ ਇੰਜੀਨੀਅਰ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸਨੂੰ ਅੱਜ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।