Pradhan Mantri Viksit Bharat Rozgar Yojana: ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਪੀਐਮ ਮੋਦੀ ਨੇ ਲਾਲ ਕਿਲ੍ਹੇ ਦੀ ਫ਼ਸੀਲ ‘ਤੇ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਨੂੰ ਵੀ ਸੰਬੋਧਨ ਕੀਤਾ। ਪੀਐਮ ਮੋਦੀ ਨੇ ਇਸ ਦੌਰਾਨ ਕਈ ਐਲਾਨ ਵੀ ਕੀਤੇ ਹਨ। ਜੀਐਸਟੀ ਦੀ ਸਮੀਖਿਆ ਦੇ ਨਾਲ, ਪੀਐਮ ਮੋਦੀ ਨੇ ਪੀਐਮ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਨੌਜਵਾਨਾਂ ਨੂੰ ਪਹਿਲੀ ਨੌਕਰੀ ਮਿਲਣ ‘ਤੇ 15 ਹਜ਼ਾਰ ਰੁਪਏ ਦਾ ਪ੍ਰੋਤਸਾਹਨ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਵਿਕਸਿਚ ਭਾਰਤ ਰੁਜ਼ਗਾਰ ਯੋਜਨਾ ਦਾ ਐਲਾਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਹੈ। ਅੱਜ 15 ਅਗਸਤ ਨੂੰ, ਮੈਂ ਆਪਣੇ ਦੇਸ਼ ਦੇ ਨੌਜਵਾਨਾਂ ਲਈ 1 ਲੱਖ ਕਰੋੜ ਰੁਪਏ ਦੀ ਯੋਜਨਾ ਸ਼ੁਰੂ ਕਰ ਰਿਹਾ ਹਾਂ।
ਉਨ੍ਹਾਂ ਨੇ ਕਿਹਾ ਕਿ ਅੱਜ ਤੋਂ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਲਾਗੂ ਕੀਤੀ ਗਈ ਹੈ। ਨਿੱਜੀ ਖੇਤਰ ‘ਚ ਪਹਿਲੀ ਨੌਕਰੀ ਪ੍ਰਾਪਤ ਕਰਨ ਵਾਲੇ ਮੁੰਡਿਆਂ ਤੇ ਕੁੜੀਆਂ ਨੂੰ ਸਰਕਾਰ ਵੱਲੋਂ 15,000 ਰੁਪਏ ਦਿੱਤੇ ਜਾਣਗੇ। ਇਸ ਯੋਜਨਾ ਤਹਿਤ ਅਗਲੇ 2 ਸਾਲਾਂ ‘ਚ 3.5 ਕਰੋੜ ਤੋਂ ਵੱਧ ਨੌਕਰੀਆਂ ਪੈਦਾ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਇਨ੍ਹਾਂ ਸ਼ਰਤਾਂ ‘ਤੇ ਹੀ ਰਕਮ ਮਿਲੇਗੀ
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਵੀਂ ਯੋਜਨਾ ‘ਚ ਨਿਰਮਾਣ (ਮੈਨਯੂਫੈਕਚਰਿੰਗ) ਖੇਤਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਹ ਯੋਜਨਾ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ। ਇਸ ਯੋਜਨਾ ਦੇ ਤਹਿਤ, ਜਿਵੇਂ ਹੀ ਨੌਜਵਾਨ ਕਿਸੇ ਕੰਪਨੀ ‘ਚ ਕੰਮ ਕਰਦੇ ਹਨ ਜਾਂ ਪਹਿਲੀ ਵਾਰ ਨੌਕਰੀ ਪ੍ਰਾਪਤ ਕਰਦੇ ਹਨ, ਉਨ੍ਹਾਂ ਨੂੰ ਇਹ ਰਕਮ ਦਿੱਤੀ ਜਾਵੇਗੀ। ਹਾਲਾਂਕਿ, ਇਸ ‘ਚ ਕਈ ਸ਼ਰਤਾਂ ਵੀ ਲਗਾਈਆਂ ਗਈਆਂ ਹਨ। ਇਸ ਦੇ ਤਹਿਤ, ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਘੱਟੋ-ਘੱਟ 6 ਮਹੀਨੇ ਉਸ ਕੰਪਨੀ ‘ਚ ਕੰਮ ਕਰਨਾ ਪਵੇਗਾ। ਇਸ ਦੇ ਨਾਲ, ਕੰਪਨੀ ਦਾ EPFO ਨਾਲ ਰਜਿਸਟਰ ਹੋਣਾ ਜ਼ਰੂਰੀ ਹੈ। ਜੇਕਰ ਇਹ ਸਾਰੀਆਂ ਸ਼ਰਤਾਂ ਪੂਰੀਆਂ ਹੁੰਦੀਆਂ ਹਨ ਤਾਂ ਨੌਜਵਾਨਾਂ ਨੂੰ ਪ੍ਰੋਤਸਾਹਨ ਦਿੱਤਾ ਜਾਵੇਗਾ।
ਇਸ ਯੋਜਨਾ ਲਈ ਅਰਜ਼ੀ ਕਿਵੇਂ ਦੇਣੀ ਹੈ?
ਤੁਹਾਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਲਈ ਅਰਜ਼ੀ ਦੇਣ ਦੀ ਜ਼ਰੂਰਤ ਨਹੀਂ ਹੈ। ਜਿਵੇਂ ਹੀ ਤੁਸੀਂ ਕਿਸੇ ਕੰਪਨੀ ‘ਚ ਕੰਮ ਕਰਦੇ ਹੋ ਜਾਂ ਤੁਹਾਡਾ PF ਖਾਤਾ ਖੁੱਲ੍ਹਦਾ ਹੈ, ਤੁਸੀਂ ਇਸ ਯੋਜਨਾ ਲਈ ਯੋਗ ਹੋ ਜਾਓਗੇ। ਇਸ ਯੋਜਨਾ ਦੀ ਪਹਿਲੀ ਕਿਸ਼ਤ ਜਾਂ ਰਕਮ ਤੁਹਾਨੂੰ ਨੌਕਰੀ ਮਿਲਣ ਤੋਂ 6 ਮਹੀਨੇ ਬਾਅਦ ਦਿੱਤੀ ਜਾਵੇਗੀ। ਜੋ ਸਿੱਧੇ ਤੁਹਾਡੇ ਖਾਤੇ ‘ਚ ਆਵੇਗੀ।