Breaking News; ਪ੍ਰੇਮ ਸਿੰਘ ਚੰਦੂਮਾਜਰਾ ਤੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ
Prem Singh Chandumajra join Shiromani Akali Dal; ਅਕਾਲੀ ਦਲ ਪੁਨਰਸੁਰਜੀਤ ਨੂੰ ਅਲਵਿਦਾ ਕਹਿਣ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪੁੱਤਰ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਵੀ ਪਾਰਟੀ ਵਿੱਚ ਵਾਪਸੀ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਚੰਦੂਮਾਜਰਾ ਪਰਿਵਾਰ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਖੁਦ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ ਸਨ।
ਪਾਰਟੀ ਵਿੱਚ ਵਾਪਸੀ ਤੋਂ ਪਹਿਲਾਂ ਪ੍ਰੋ. ਚੰਦੂਮਾਜਰਾ ਨੇ ਕਿਹਾ ਸੀ ਕਿ ਸਮੇਂ ਦੇ ਹਾਲਾਤ, ਲੋਕਾਂ ਦੀ ਨਬਜ਼ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਅਜਿਹੀ ਹੈ ਕਿ ਅਕਾਲੀ ਦਲ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ 2 ਦਸੰਬਰ ਦਾ ਹੁਕਮਨਾਮਾ ਵੀ ਅਕਾਲੀ ਦਲ ਨੂੰ ਤੋੜਨ ਵਾਲਾ ਨਹੀਂ, ਸਗੋਂ ਜੋੜਨ ਵਾਲਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ NDA ਸਰਕਾਰ ਦੀ ਗੱਲ ਕੀਤੀ ਸੀ ਤਾਂ ਉਨ੍ਹਾਂ ਨੇ ਪਹਿਲਾਂ ਹੀ ਬਿਆਨ ਦਿੱਤਾ ਸੀ ਕਿ ਪੰਜਾਬ ਨੂੰ ਬਚਾਉਣ ਲਈ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਹਾਲਾਂਕਿ, ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਦੇ ਇਸ ਬਿਆਨ ‘ਤੇ ਨਾਰਾਜ਼ਗੀ ਜਤਾਈ ਸੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਹੁਣ ਗਿਆਨੀ ਜੀ ਕੀ ਕਰਨਗੇ ਤਾਂ ਉਨ੍ਹਾਂ ਕਿਹਾ ਕਿ ਉਹ ਕਥਾ ਕਰ ਸਕਦੇ ਹਨ।
ਪ੍ਰੋ. ਚੰਦੂਮਾਜਰਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਖੁਦ ਵਿਧਾਨ ਸਭਾ ਚੋਣ ਨਹੀਂ ਲੜਨਗੇ, ਸਗੋਂ ਉਨ੍ਹਾਂ ਦਾ ਪੁੱਤਰ ਚੋਣ ਮੈਦਾਨ ਵਿੱਚ ਉਤਰੇਗਾ। ਉਨ੍ਹਾਂ ਐਲਾਨ ਕੀਤਾ ਕਿ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਸਨੌਰ ਤੋਂ ਹੀ ਚੋਣ ਲੜਨਗੇ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਭਾਜਪਾ ਵੱਲੋਂ ਪਠਾਣਮਾਜਰਾ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ ਤਾਂ ਇਸ ‘ਤੇ ਵੀ ਸਵਾਲ ਚੁੱਕੇ ਗਏ।
ਲੋਕ ਸਭਾ ਚੋਣਾਂ ‘ਚ ਹਾਰ ਤੋਂ ਬਾਅਦ ਸ਼ੁਰੂ ਹੋਇਆ ਸੀ ਵਿਵਾਦ
2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਪਾਰਟੀ ਅੰਦਰੂਨੀ ਕਲੇਸ਼ ਦਾ ਸ਼ਿਕਾਰ ਹੋ ਗਈ ਸੀ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਸੀਨੀਅਰ ਆਗੂਆਂ ਨੇ ਉਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਸਵਾਲ ਚੁੱਕੇ ਸਨ। ਇਨ੍ਹਾਂ ਆਗੂਆਂ ਨੇ ਬਾਗੀ ਧੜਾ ਬਣਾ ਕੇ ਸੁਖਬੀਰ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਸੀ। ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਸੀ।
ਨਾਰਾਜ਼ਗੀ ਦੇ ਦੋ ਵੱਡੇ ਕਾਰਨ
ਬਾਗੀ ਆਗੂਆਂ ਦੀ ਨਾਰਾਜ਼ਗੀ ਦੇ ਦੋ ਮੁੱਖ ਕਾਰਨ ਦੱਸੇ ਗਏ ਸਨ। ਪਹਿਲਾ, 2007 ਤੋਂ 2017 ਤੱਕ ਅਕਾਲੀ ਸਰਕਾਰ ਦੌਰਾਨ ਹੋਈਆਂ ਕੁਝ ਗ਼ਲਤੀਆਂ ਕਾਰਨ ਸਿੱਖ ਭਾਈਚਾਰੇ ਵਿੱਚ ਪਾਰਟੀ ਦੀ ਛਵੀ ਨੂੰ ਨੁਕਸਾਨ ਪਹੁੰਚਣ ਦੇ ਦੋਸ਼ ਲੱਗੇ ਸਨ। ਦੂਜਾ, 2019 ਵਿੱਚ ਗਠਜੋੜ ਟੁੱਟਣ ਤੋਂ ਬਾਅਦ ਪ੍ਰੋ. ਚੰਦੂਮਾਜਰਾ ਮੁੜ ਭਾਜਪਾ ਨਾਲ ਗਠਜੋੜ ਕਰਨ ਦੇ ਹੱਕ ਵਿੱਚ ਸਨ, ਜਦਕਿ ਪਾਰਟੀ ਦਾ ਇੱਕ ਧੜਾ ਇਸ ਦੇ ਵਿਰੋਧ ਵਿੱਚ ਸੀ।
ਅਕਾਲੀ ਦਲ ਬਾਦਲ ਨੇ ਕੀਤਾ ਸੀ ਪਾਰਟੀ ‘ਚੋਂ ਬਾਹਰ
ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਨੇ ਬਾਗੀ ਆਗੂਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਇਸ ਮਗਰੋਂ ਬਾਗੀ ਆਗੂਆਂ ਨੇ ਵੱਖਰਾ ਧੜਾ ਬਣਾ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜਿਤ) ਦਾ ਗਠਨ ਕੀਤਾ ਸੀ। ਇਸ ਦੀ ਕਮਾਨ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਸੀ ਅਤੇ ਪ੍ਰੋ. ਚੰਦੂਮਾਜਰਾ ਵੀ ਇਸ ਧੜੇ ਵਿੱਚ ਸ਼ਾਮਲ ਹੋ ਗਏ ਸਨ।
4 ਨਵੰਬਰ ਨੂੰ ਦਿੱਤਾ ਸੀ ਅਸਤੀਫ਼ਾ
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨਵੇਂ ਧੜੇ ਵਿੱਚ ਵੀ ਮਤਭੇਦ ਸਾਹਮਣੇ ਆਉਣ ਲੱਗੇ। ਆਖ਼ਰਕਾਰ 4 ਨਵੰਬਰ 2026 ਨੂੰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ (ਪੁਨਰਸੁਰਜਿਤ) ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਅਗਲੇ ਦਿਨ 5 ਨਵੰਬਰ ਨੂੰ ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਇਸ ਧੜੇ ਨੂੰ ਅਲਵਿਦਾ ਕਹਿ ਦਿੱਤਾ। ਹੁਣ ਦੋਵਾਂ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਵਾਪਸੀ ਕਰ ਲਈ ਹੈ।