13 ਸਾਲ ਪੁਰਾਣੇ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਪ੍ਰੋਡਕਸ਼ਨ ਵਾਰੰਟ ਜਾਰੀ
Production warrant issued for Lawrence Bishnoi: ਚੰਡੀਗੜ੍ਹ: ਜ਼ਿਲ੍ਹਾ ਅਦਾਲਤ ਨੇ ਸੈਕਟਰ-10 ਸਥਿਤ ਡੀਏਵੀ ਕਾਲਜ ਵਿੱਚ 2012 ਦੌਰਾਨ ਹੋਈ ਹਿੰਸਕ ਝੜਪ ਅਤੇ ਗੋਲੀਬਾਰੀ ਦੇ 13 ਸਾਲ ਪੁਰਾਣੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਨੇ ਗੁਜਰਾਤ ਦੀ ਸਾਬਰਮਤੀ ਜੇਲ੍ਹ ਦੇ ਸੁਪਰਡੈਂਟ ਨੂੰ ਹੁਕਮ ਦਿੱਤਾ ਹੈ ਕਿ 25 ਅਗਸਤ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਲਾਰੈਂਸ ਬਿਸ਼ਨੋਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸ਼ਨੀਵਾਰ ਨੂੰ ਹੋਈ ਸੁਣਵਾਈ ਦੌਰਾਨ ਬਿਸ਼ਨੋਈ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਨਹੀਂ ਹੋ ਸਕੀ। ਇਸ ‘ਤੇ ਅਦਾਲਤ ਨੇ ਨੋਟਿਸ ਲੈਂਦਿਆਂ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤਾ।
ਕੀ ਹੈ ਮਾਮਲਾ ?
ਇਹ ਮਾਮਲਾ 12 ਜੂਨ 2012 ਦਾ ਹੈ, ਜਦੋਂ ਡੀਏਵੀ ਕਾਲਜ ਵਿੱਚ ਸਟਾਰ ਨਾਈਟ ਦੀਆਂ ਤਿਆਰੀਆਂ ਦੌਰਾਨ PUSU ਅਤੇ SOPU ਦੇ ਸਮਰਥਕਾਂ ਵਿਚਾਲੇ ਹਿੰਸਕ ਝੜਪ ਹੋਈ ਸੀ। ਦੋਸ਼ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਨੇ PUSU ਸਮਰਥਕਾਂ ‘ਤੇ ਹਮਲਾ ਕੀਤਾ ਅਤੇ ਗੋਲੀਬਾਰੀ ਕੀਤੀ। ਇਸ ਦੌਰਾਨ ਵਿਦਿਆਰਥੀ ਚਰਨਦੇਵ ਸਿੰਘ ਨੂੰ ਗੋਲੀ ਲੱਗੀ ਸੀ, ਜਦਕਿ ਕਈ ਹੋਰ ਵਿਦਿਆਰਥੀ ਜ਼ਖ਼ਮੀ ਹੋਏ ਸਨ।
ਮਾਮਲਾ ਅਜੇ ਵੀ ਅਦਾਲਤ ਵਿੱਚ ਵਿਚਾਰ ਅਧੀਨ
ਸੈਕਟਰ-3 ਥਾਣਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਸਮੇਤ ਪੰਜ ਦੋਸ਼ੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਸਾਲ 2014 ਵਿੱਚ ਸਬੂਤਾਂ ਦੀ ਘਾਟ ਕਾਰਨ ਚਾਰ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ, ਜਦਕਿ ਲਾਰੈਂਸ ਬਿਸ਼ਨੋਈ ਖ਼ਿਲਾਫ਼ ਮੁਕੱਦਮਾ ਅਜੇ ਵੀ ਜ਼ਿਲ੍ਹਾ ਅਦਾਲਤ ਵਿੱਚ ਵਿਚਾਰ ਅਧੀਨ ਹੈ। 25 ਅਗਸਤ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
