ਕਿਸਾਨ ਆਗੂਆਂ ਦੀ ਰਿਹਾਈ ਲਈ ਰੋਸ, ਤਲਵੰਡੀ ਪੁਲ ’ਤੇ ਸਰਕਾਰ ਦੇ ਪੂਤਲੇ ਸਾੜੇ ,ਸੰਘਰਸ਼ ਹੋਰ ਤੇਜ਼ ਕਰਨ ਦੀ ਕਿਸਾਨਾਂ ਵੱਲੋਂ ਚੇਤਾਵਨੀ
Latest News: ਪੰਜਾਬ ਵਿੱਚ ਕਿਸਾਨ ਆਗੂਆਂ ਦੀ ਗ੍ਰਿਫਤਾਰ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਸ ਪ੍ਰਦਰਸ਼ਨਾਂ ਦੀ ਲੜੀ ਜਾਰੀ ਹੈ। ਇਸੇ ਤਹਿਤ ਅੱਜ ਜ਼ਿਲ੍ਹਾ ਕਪੂਰਥਲਾ ਦੇ ਤਲਵੰਡੀ ਪੁਲ, ਸੁਲਤਾਨਪੁਰ ਲੋਧੀ ਵਿਖੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੂਤਲੇ ਸਾੜ ਕੇ ਭਾਰੀ ਰੋਸ ਪ੍ਰਗਟ ਕੀਤਾ ਗਿਆ।
ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਸ਼ਾਂਤਮਈ ਲੜਾਈ ਨੂੰ ਜਬਰ ਨਾਲ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਲੋਕਤੰਤਰਕ ਮੁਲ੍ਹਾਂ ਦੇ ਸਿੱਧੇ ਖ਼ਿਲਾਫ਼ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਕਿਸਾਨ ਏਕਤਾ ਆਜ਼ਾਦ ਦੇ ਪ੍ਰਧਾਨ ਜਸਵਿੰਦਰ ਸਿੰਘ ਲੌਗੋਵਾਲ ਸਮੇਤ 45 ਕਿਸਾਨ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੇਐੱਮਐੱਮ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਦੀ ਗਿਰਫ਼ਤਾਰੀ ਨੂੰ ਵੀ ਕਿਸਾਨਾਂ ਨੇ ਤਾਨਾਸ਼ਾਹੀ ਫੈਸਲਾ ਕਰਾਰ ਦਿੱਤਾ।
ਕਿਸਾਨ ਆਗੂਆਂ ਸਰਵਣ ਬਾਊਪੁਰ ਅਤੇ ਸ਼ੇਰ ਸਿੰਘ ਮਹੀਵਾਲ ਨੇ ਕਿਹਾ ਕਿ ਕਿਸਾਨ ਸਦਾ ਹੀ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕਾਂ ਦੀ ਲੜਾਈ ਲੜਦੇ ਆ ਰਹੇ ਹਨ, ਪਰ ਸਰਕਾਰ ਵੱਲੋਂ ਪੁਲਿਸ ਅਤੇ ਪ੍ਰਸ਼ਾਸਨ ਦੇ ਜ਼ਰੀਏ ਦਬਾਅ ਬਣਾ ਕੇ ਕਿਸਾਨ ਅੰਦੋਲਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਇਹ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਪੰਜਾਬ ਦੇ ਆਮ ਲੋਕਾਂ ਦੀ ਆਵਾਜ਼ ਨੂੰ ਵੀ ਦਬਾਉਣ ਦੇ ਬਰਾਬਰ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਇਨ੍ਹਾਂ ਗਿਰਫ਼ਤਾਰੀਆਂ ਦੇ ਵਿਰੋਧ ਵਿੱਚ ਬੀਤੇ ਦਿਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੜਕਾਂ ਅਤੇ ਰੇਲ ਪਟੜੀਆਂ ’ਤੇ ਚੱਕਾ ਜਾਮ ਕੀਤਾ ਗਿਆ ਸੀ, ਜਿਸ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਅੱਜ ਅਰਥੀਆਂ ਫੂਕ ਕੇ ਰੋਸ ਪ੍ਰਦਰਸ਼ਨ ਕਰਨਾ ਸਰਕਾਰ ਲਈ ਇੱਕ ਸਪਸ਼ਟ ਚੇਤਾਵਨੀ ਹੈ।
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨ ਆਗੂਆਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਉਗਰ ਰੂਪ ਦਿੱਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।