PRTC Contract Workers: ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 13 ਮਾਰਚ (ਯਾਨੀ) ਅੱਜ ਤੋਂ ਜ਼ਿਲ੍ਹਾ ਪੱਧਰ ’ਤੇ ਧਰਨੇ ਸ਼ੁਰੂ ਕੀਤੇ ਜਾਣਗੇ, ਜਿਸ ਲਈ ਮੁਕੰਮਲ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਬੱਸਾਂ ਦਾ ਆਵਾਜਾਈ ਬੰਦ ਕਰ ਦੇਣਗੇ।
ਮੁਲਾਜ਼ਮ ਯੂਨੀਅਨ ਨੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਪੰਜਾਬ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਜਾਵੇਗੀ। ਇਸ ਦੌਰਾਨ 577 ਰੂਟਾਂ ‘ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਦੱਸ ਦਈਏ ਕਿ ਇਸ ਸਮੇਂ ਪੀਆਰਟੀਸੀ ਦੇ ਕੋਲ 1200 ਤੋਂ ਵੱਧ ਬੱਸਾਂ ਹਨ।
ਆਗੂਆਂ ਨੇ ਕਿਹਾ ਕਿ 1 ਜੁਲਾਈ 2024 ਨੂੰ ਮੁੱਖ ਮੰਤਰੀ ਮਾਨ ਨੇ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ 7-8 ਮਹੀਨੇ ਬੀਤ ਚੁੱਕੇ ਹਨ ਅਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਹੈ। ਕਮੇਟੀ ਦਾ ਗਠਨ ਵੀ ਕੀਤਾ ਗਿਆ ਅਤੇ ਇਸ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਵੀ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਠੇਕਾ ਮੁਲਾਜ਼ਮਾਂ ਨੂੰ ਟਰਾਂਸਪੋਰਟ ਵਿਭਾਗ ਦੀ ਵੱਖਰੀ ਨੀਤੀ ਤਹਿਤ ਰੈਗੂਲਰ ਕੀਤਾ ਜਾਵੇਗਾ। ਯੂਨੀਅਨ ਨੇ ਗੁਆਂਢੀ ਰਾਜਾਂ ਵਿੱਚ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਦਸਤਾਵੇਜ਼ ਵੀ ਕਮੇਟੀ ਨੂੰ ਸੌਂਪੇ ਸਨ।
ਮੁਲਾਜ਼ਮਾਂ ਵੱਲੋਂ ਮੀਟਿੰਗ ਦੌਰਾਨ ਸੰਘਰਸ਼ ਦੀ ਉਲੀਕੀ ਰੂਪਰੇਖਾ…
13 ਮਾਰਚ – ਪੰਜਾਬ ਦੇ ਸਾਰੇ ਡਿਪੂਆਂ ਵਿੱਚ ਗੇਟ ਰੈਲੀਆਂ ਕਰਕੇ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।19 ਮਾਰਚ ਨੂੰ ਪਟਿਆਲਾ ਵਿੱਚ ਪੀ.ਆਰ.ਟੀ.ਸੀ ਹੈੱਡਕੁਆਰਟਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। 26 ਮਾਰਚ ਨੂੰ ਚੰਡੀਗੜ੍ਹ ਸਥਿਤ ਮੁੱਖ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਅਫਸਰਾਂ ਦੀਆਂ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। 3 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਾਰੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਫਿਰ ਵੀ ਜੇਕਰ ਸਰਕਾਰ ਨੇ ਕੋਈ ਹੱਲ ਨਹੀਂ ਲੱਭਿਆ ਤਾਂ 7, 8 ਅਤੇ 9 ਅਪ੍ਰੈਲ 2025 ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।