ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਨੇ ਕੁਝ ਦਿਨ ਪਹਿਲਾਂ ਹੀ 1500 ਰੁਪਏ ਲੈਣ ਦੇ ਬਾਵਜੂਦ ਇਨ੍ਹਾਂ ਬਿਜਲੀ ਲਾਈਨਾਂ ਨੂੰ ਤਬਦੀਲ ਕਰਨ ਲਈ 10,000 ਰੁਪਏ ਦੀ ਵਾਧੂ ਰਿਸ਼ਵਤ ਦੀ ਮੰਗ ਕੀਤੀ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਉਮਰਪੁਰਾ ਸਬ ਡਵੀਜ਼ਨ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕੇ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਦੋਸ਼ੀ ਲਾਈਨਮੈਨ ਨੇ ਪਿੰਡ ਫੂਲਕਾ ਵਿਖੇ ਸਥਿਤ ਆਪਣੀ ਜ਼ਮੀਨ ‘ਤੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਬਿਜਲੀ ਦੀਆਂ ਤਾਰਾਂ ਲਾਈਆਂ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਨੇ ਕੁਝ ਦਿਨ ਪਹਿਲਾਂ ਹੀ 1500 ਰੁਪਏ ਲੈਣ ਦੇ ਬਾਵਜੂਦ ਇਨ੍ਹਾਂ ਬਿਜਲੀ ਲਾਈਨਾਂ ਨੂੰ ਤਬਦੀਲ ਕਰਨ ਲਈ 10,000 ਰੁਪਏ ਦੀ ਵਾਧੂ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।