Punbus ਅਤੇ prtc ਦੇ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਵੱਲੋ ਮੀਟਿੰਗ ਦਾ ਸਮਾਂ ਮਿਲ ਗਿਆ ਹੈ। ਸ਼ਾਮ 4 ਵਜੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਬੈਠਕ ਹੋਵੇਗੀ। ਪੀਆਰਟੀਸੀ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋ ਅੱਜ ਚੱਕਾ ਜਾਮ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੰਟਰੈਕਟ ਕਰਮਚਾਰੀ ਯੂਨੀਅਨ ਨੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਸਰਕਾਰ ਵਿਰੁੱਧ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ 3000 ਤੋਂ ਵੱਧ ਸਰਕਾਰੀ ਬੱਸਾਂ ਨੂੰ ਸੜਕਾਂ ਤੋਂ ਹਟਾ ਦਿੱਤਾ ਗਿਆ ਹੈ।
ਹੜਤਾਲ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਹਿਮਾਚਲ, ਉਤਰਾਖੰਡ ਅਤੇ ਰਾਜਸਥਾਨ ਜਾਣ ਵਾਲੇ ਯਾਤਰੀਆਂ ‘ਤੇ ਪਿਆ ਹੈ। ਹਾਲਾਂਕਿ ਕੁਝ ਬੱਸਾਂ ਸਥਾਈ ਡਰਾਈਵਰਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਹਰੇਕ ਡਿਪੂ ਤੋਂ ਬਹੁਤ ਘੱਟ ਬੱਸਾਂ ਚਲਾਈਆਂ ਜਾ ਰਹੀਆਂ ਹਨ।
ਮੰਗਲਵਾਰ ਰਾਤ 12 ਵਜੇ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਘੱਟ ਗਈ ਸੀ, ਕਿਉਂਕਿ ਸ਼ਾਮ ਤੋਂ ਹੀ ਲੰਬੀ ਦੂਰੀ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੜਤਾਲ ਕਾਰਨ ਪ੍ਰਾਈਵੇਟ ਬੱਸ ਆਪਰੇਟਰਾਂ ਦੀ ਮੰਗ ਵਧ ਗਈ ਹੈ ਅਤੇ ਯਾਤਰੀਆਂ ਨੂੰ ਹਰਿਆਣਾ ਰੋਡਵੇਜ਼ ਅਤੇ ਹਿਮਾਚਲ ਬੱਸਾਂ ‘ਤੇ ਨਿਰਭਰ ਕਰਨਾ ਪੈ ਰਿਹਾ ਹੈ। ਕਾਊਂਟਰਾਂ ‘ਤੇ ਬੱਸਾਂ ਘੱਟ ਹੋਣ ਕਾਰਨ ਯਾਤਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈ ਰਿਹਾ ਹੈ।
ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਇਹ ਐਲਾਨ ਕੀਤਾ
ਆਪਣੀਆਂ ਲਟਕਦੀਆਂ ਮੰਗਾਂ ਲਈ ਲੜ ਰਹੇ ਯੂਨੀਅਨ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਕੀਤੀ ਗਈ ਤਾਂ 10 ਜੁਲਾਈ ਨੂੰ ਚੰਡੀਗੜ੍ਹ ਵਿੱਚ ਰੋਸ ਰੈਲੀ ਕੀਤੀ ਜਾਵੇਗੀ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।
ਪੀ.ਆਰ.ਟੀ.ਸੀ. ਯੂਨੀਅਨ ਦੇ ਡਿਪੂ 1-2 ਯੂਨਿਟ ਦੇ ਆਗੂਆਂ ਨੇ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਤਨਖਾਹਾਂ ਵਿੱਚ ਵਾਧਾ ਕਰਨ, ਮੁਲਾਜ਼ਮਾਂ ਦੀ ਬਹਾਲੀ ਸਮੇਤ ਲਟਕਦੀਆਂ ਮੰਗਾਂ ‘ਤੇ ਗੰਭੀਰਤਾ ਨਹੀਂ ਦਿਖਾ ਰਹੀ ਹੈ। ਇਸ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ।