ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਕੈਬਨਿਟ ‘ਚ ਹੋਇਆ ਅਹਿਮ ਫੈਸਲਾ, 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ
Punjab News: ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।
Punjab Cabinet Approves empanelment of Specialist Doctors: ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼੍ਰੇਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ।
ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਨ੍ਹਾਂ ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪੱਧਰ ‘ਤੇ ਸਿਵਲ ਸਰਜਨਾਂ ਰਾਹੀਂ ਕੀਤੀ ਜਾਵੇਗੀ ਅਤੇ ਸੂਚੀਬੱਧ ਹੋਏ ਡਾਕਟਰ ਓ.ਪੀ.ਡੀ., ਆਈ.ਪੀ.ਡੀ., ਐਮਰਜੈਂਸੀ, ਵੱਡੇ ਤੇ ਛੋਟੇ ਅਪਰੇਸ਼ਨਾਂ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਪ੍ਰਤੀ ਮਰੀਜ਼ ਇੰਪੈਨਲਮੈਂਟ ਫੀਸ ਲੈਣ ਦੇ ਯੋਗ ਹੋਣਗੇ।