ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਮੱਥਾ ਟੇਕਣ ਪਹੁੰਚੇ CM ਮਾਨ, ਸਿੱਖ ਗੁਰੂਆਂ ਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਲਿਆ ਪ੍ਰਣ

Gurudwara Sri Fatehgarh Sahib: ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੀ ਉਮਰ ਵਿੱਚ ਦਿੱਤੀ ਇਸ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਦੇ ਇਤਿਹਾਸ ਵਿੱਚ ਕੋਈ ਸਾਨੀ ਨਹੀਂ।
CM Mann pays obeisance at Gurudwara Sri Fatehgarh Sahib: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਮਹਾਨ ਸਿੱਖ ਗੁਰੂਆਂ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਪ੍ਰਣ ਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਪਵਿੱਤਰ ਧਰਤੀ ਨਾ ਸਿਰਫ਼ ਸਿੱਖਾਂ ਲਈ ਸਗੋਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ ਕਿਉਂਕਿ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਜ਼ਾਲਮ ਸ਼ਾਸਕਾਂ ਨੇ ਇਸ ਅਸਥਾਨ ‘ਤੇ ਜ਼ਿੰਦਾ ਨੀਹਾਂ ਵਿੱਚ ਚਿਣਵਾ ਦਿੱਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੇ ਨਾਲ ਮਾਤਾ ਗੁਜਰੀ ਜੀ ਦੀ ਸ਼ਹਾਦਤ, ਸਦੀਆਂ ਤੋਂ ਪੰਜਾਬੀਆਂ ਨੂੰ ਅਨਿਆਂ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ ਅਤੇ ਹਮੇਸ਼ਾ ਕਰਦੀ ਰਹੇਗੀ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਲਈ ਲਈ ਬਲਿਦਾਨ ਦੇਣ ਵਾਸਤੇ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕਰਨ ਵਾਸਤੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਮਹਾਨ ਕੁਰਬਾਨੀ ਤੋਂ ਜਾਣੂ ਕਰਵਾਉਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਰਹਿੰਦ ਦੇ ਤਤਕਾਲੀ ਮੁਗਲ ਹਾਕਮ ਦੇ ਜਬਰ ਵਿਰੁੱਧ ਖੜ੍ਹੇ ਹੋਣ ਲਈ ਮਿਸਾਲੀ ਹਿੰਮਤ ਅਤੇ ਨਿਡਰਤਾ ਦਿਖਾਈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸਮੇਸ਼ ਪਿਤਾ ਜੀ ਤੋਂ ਵਿਰਾਸਤ ਵਿੱਚ ਮਿਲੇ ਸਨ। ਭਗਵੰਤ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਵੱਲੋਂ ਇੰਨੀ ਛੋਟੀ ਉਮਰ ਵਿੱਚ ਦਿੱਤੀ ਇਸ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਦੇ ਇਤਿਹਾਸ ਵਿੱਚ ਕੋਈ ਸਾਨੀ ਨਹੀਂ।