ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਦਫ਼ਤਰਾਂ ਦੇ ਕਲੈਰੀਕਲ ਸਟਾਫ਼ ਨੇ ਕੀਤੀ ਪੈੱਨ-ਡਾਊਨ ਹੜਤਾਲ
Punjab Clerical staff on pen-down strike: ਚੰਡੀਗੜ੍ਹ: ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਅੱਜ ਤੋਂ ਕਲੈਰੀਕਲ ਸਟਾਫ਼ ਨੇ ਆਪਣੀਆਂ ਲੰਬਿਤ ਮੰਗਾਂ ਦੇ ਸਮਰਥਨ ਵਿੱਚ ਪੈੱਨ-ਡਾਊਨ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਕਈ ਸਰਕਾਰੀ ਦਫ਼ਤਰਾਂ ਵਿੱਚ ਰੋਜ਼ਾਨਾ ਦੇ ਕੰਮਕਾਜ ‘ਤੇ ਅਸਰ ਪਵੇਗਾ ਅਤੇ ਲੋਕਾਂ ਨੂੰ ਦਫ਼ਤਰੀ ਸੇਵਾਵਾਂ ਲੈਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ‘ਤੇ ਹੋ ਰਹੀ ਇਸ ਹੜਤਾਲ ਦੌਰਾਨ ਕਰਮਚਾਰੀ ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ ਅਤੇ ਹੋਰ ਲੰਬੇ ਸਮੇਂ ਤੋਂ ਲੰਬਿਤ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕਰ ਰਹੇ ਹਨ।
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਅੱਜ ਤੋਂ ਦੋ ਦਿਨਾਂ ਲਈ ਸੂਬੇ ਭਰ ਵਿੱਚ ਪੈੱਨ-ਡਾਊਨ ਅਤੇ ਕੰਪਿਊਟਰ ਬੰਦ ਹੜਤਾਲ ਕਰਨ ਦਾ ਐਲਾਨ ਕੀਤਾ ਹੈ ਅਤੇ ਤੀਜੇ ਦਿਨ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਹੜਤਾਲ ਵਧਾਈ ਜਾ ਸਕਦੀ ਹੈ।
ਯੂਨੀਅਨ ਦੇ ਐਲਾਨ ਅਨੁਸਾਰ 5 ਅਤੇ 6 ਅਗਸਤ ਨੂੰ ਪੈੱਨ-ਡਾਊਨ ਹੜਤਾਲ ਅਤੇ ਜ਼ਿਲ੍ਹਾ ਪੱਧਰ ‘ਤੇ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 7 ਅਗਸਤ ਨੂੰ ਚੰਡੀਗੜ੍ਹ ਵਿੱਚ ਮਹਾਰੈਲੀ ਕਰਕੇ ਸਰਕਾਰ ਖ਼ਿਲਾਫ਼ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।