Punjab CM Mann in in Chamkaur Sahib: ਮਾਨ ਨੇ ਕਿਹਾ ਕਿ ਸਟੈੱਮ ਮੋਬਾਈਲ ਬੱਸ ਨੂੰ ਵੀ ਹਰੀ ਝੰਡੀ ਦਿਖਾਈ ਗਈ, ਜੋ ਸਕੂਲਾਂ ਵਿੱਚ ਜਾਵੇਗੀ ਅਤੇ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ ਵਿੱਚ ਵਿਦਿਆਰਥੀਆਂ ਦੇ ਸੰਕਲਪਾਂ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ।
CM Mann challenges Sukhbir Badal: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।
ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ।
ਸਾਲ 2007 ਤੋਂ 2017 ਤੱਕ ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ
ਸੀਐਮ ਮਾਨ ਨੇ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ’ਤੇ ਚੁਟਕੀ ਲੈਂਦਿਆਂ ਕਿਹਾ, “ਸੱਤਾ ਵਿੱਚ ਹੁੰਦਿਆਂ ਤਾਂ ਬਾਦਲਾਂ ਨੇ ਆਪਣਾ ਕਾਰੋਬਾਰ ਹੀ ਵਧਾਇਆ ਹੈ ਜਦਕਿ ਸੂਬੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਸੀ। ਸਾਲ 2007 ਤੋਂ 2017 ਤੱਕ ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ ਜਦੋਂ ਟਰਾਂਸਪੋਰਟ, ਕੇਬਲ, ਰੇਤਾ, ਨਸ਼ਾ ਅਤੇ ਹੋਰ ਮਾਫੀਏ ਦੀ ਇਜਾਰੇਦਾਰੀ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਅਕਾਲੀ ਦੇ ਸ਼ਾਸਨ ਦੌਰਾਨ ਨਸ਼ੇ ਦੇ ਸੌਦਾਗਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਜਿਸ ਕਰਕੇ ਨਸ਼ਿਆਂ ਦੀ ਅਲਾਮਤ ਨੇ ਸੂਬੇ ਵਿੱਚ ਪੈਰ ਪਸਾਰ ਲਏ ਸੀ।
ਨਸ਼ਿਆਂ ਨਾਲ ਘਰਾਂ ‘ਚ ਸੱਥਰ ਵਿਛਾਉਣ ਵਾਲੇ ਜੇਲ੍ਹ ਵਿੱਚ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਜਰਨੈਲਾਂ’ ਨਾਲ ਕੋਈ ਲਿਹਾਜ਼ ਨਹੀਂ ਵਰਤੇਗੀ ਜਿਨ੍ਹਾਂ ਨੇ ਨਸ਼ਿਆਂ ਦਾ ਕਹਿਰ ਢਾਹ ਕੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਹ ਲੀਡਰ ਜਿੱਥੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੀ ਪੁਸ਼ਤਪਨਾਹੀ ਕਰਦੇ ਸਨ, ਉਥੇ ਆਪਣੇ ਸਰਕਾਰੀ ਵਾਹਨਾਂ ਵਿੱਚ ਨਸ਼ਾ ਵੇਚਦੇ ਜਾਂ ਸਪਲਾਈ ਕਰਦੇ ਸੀ। ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਹੱਥਕੰਡੇ ਵਰਤ ਕੇ ਸਰਮਾਇਆ ਇਕੱਠਾ ਕਰਨ ਵਾਲੇ ਲੀਡਰ ਹੁਣ ਜੇਲ੍ਹ ਵਿੱਚ ਸਹੂਲਤਾਂ ਭਾਲ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਜੇਲ੍ਹ ਵਿੱਚ ਵਿਸ਼ੇਸ਼ ਸਹੂਲਤ ਦੇ ਹੱਕਦਾਰ ਨਹੀਂ ਕਿਉਂਕਿ ਉਹ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ।
ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਲੀਡਰਾਂ ਨੇ ਨਸ਼ੇ ਦੇ ਕਾਰੋਬਾਰ ਰਾਹੀਂ ਵੱਡੇ ਪੱਧਰ ’ਤੇ ਪੈਸਾ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਜੁਰਮ ਲਈ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਲੀਡਰ ਦਾ ਪੱਖ ਪੂਰਨ ਵਾਲੇ ਰਵਾਇਤੀ ਪਾਰਟੀਆਂ ਦੇ ਲੀਡਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸੀ ਲੀਡਰ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਸਮਰਥਨ ਕੀਤਾ।
ਰਵਾਇਤੀ ਪਾਰਟੀਆਂ ਦੇ ਲੀਡਰਾਂ ਨੂੰ ਮੁੜ ਦਿੱਤੀ ਚੁਣੌਤੀ
ਉਨ੍ਹਾਂ ਕਿਹਾ ਕਿ ਇਸ ਨਾਲ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸੱਤਾ ਵਿੱਚ ਹੁੰਦੇ ਸਨ ਤਾਂ ਇਕ-ਦੂਜੇ ਦੀਆਂ ਨਾਕਾਮੀਆਂ ‘ਤੇ ਪਰਦਾ ਪਾ ਲੈਂਦੇ ਸਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲੀਡਰਾਂ ਨੂੰ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਜਾਂ ਖਿਲਾਫ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਰਕਾਰੀ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ ਜਿਸ ਕਰਕੇ ਪੰਜਾਬੀਆਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਚਰਨਜੀਤ ਸਿੰਘ ਚੰਨੀ, ਸਾਬਕਾ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਵੱਡੇ ਲੀਡਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਪੰਜਾਬ ਸੀਐਮ ਮਾਨ ਨੇ ਕਿਹਾ ਕਿ ਹੁਣ ਇਹ ਲੀਡਰ ਬੁਖਲਾਹਟ ਵਿੱਚ ਆ ਕੇ ਸੱਤਾ ਲਈ ਤਰਲੋਮੱਛੀ ਹੋ ਰਹੇ ਹਨ।
ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਸ਼ਵਾਸ ਵਧਾਇਆ ਹੈ ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।
90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦੀ ਸਹੂਲਤ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਮਿਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤ ਦਾ ਧਿਆਨ ਰੱਖਿਆ ਹੈ ਜਿਸ ਕਾਰਨ ਪੰਜਾਬ ਅੱਗੇ ਵਧ ਰਿਹਾ ਹੈ।
ਐਸ.ਐਸ.ਐਫ. ਦੇ ਗਠਨ ਨਾਲ ਸੜਕ ਹਾਦਸਿਆਂ ‘ਚ 48% ਦੀ ਕਮੀ
ਸੜਕ ਸੁਰਖਿਆ ਫੋਰਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ 5,000 ਤੋਂ ਵੱਧ ਜਾਨਾਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਅਜਿਹੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜੋ ਕਿ ਦੂਜੇ ਸੂਬਿਆਂ ਲਈ ਵੀ ਮਿਸਾਲ ਕਾਇਮ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਵਿਸ਼ੇਸ਼ ਤੌਰ ‘ਤੇ ਭਰਤੀ ਤੇ ਸਿਖਲਾਈ ਪ੍ਰਾਪਤ ਜਵਾਨ ਸ਼ਾਮਲ ਹਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ। ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਫੋਰਸ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਅਤੇ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ।
ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਪਹਿਲੇ ਨੰਬਰ ‘ਤੇ
ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ।
ਚਮਕੌਰ ਸਾਹਿਬ ਹਸਪਤਾਲ ਸਬ-ਡਿਵੀਜ਼ਨਲ ਹਸਪਤਾਲ ‘ਚ ਅਪਗ੍ਰੇਡ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਨੀਲਾ ਜਾਂ ਪੀਲਾ ਕਾਰਡ ਸੂਬੇ ਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਖ਼ਤਮ ਨਹੀਂ ਕਰ ਸਕਦਾ, ਸਿਰਫ਼ ਸਿੱਖਿਆ ਹੀ ਉਹ ਹਥਿਆਰ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਚੋਂ ਕੱਢ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚਮਕੌਰ ਸਾਹਿਬ ਹਸਪਤਾਲ ਵਿੱਚ ਬਿਸਤਰਿਆਂ ਦੀ ਗਿਣਤੀ 30 ਤੋਂ ਵਧਾ ਕੇ 50 ਕਰ ਦਿੱਤੀ ਹੈ ਅਤੇ ਇਸ ਦਾ ਦਰਜਾ ਕਮਿਊਨਿਟੀ ਹੈਲਥ ਸੈਂਟਰ ਤੋਂ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਗਿਣਤੀ ਪੰਜ ਤੋਂ ਵਧਾ ਕੇ 10 ਕਰ ਦਿੱਤੀ ਗਈ ਹੈ ਤਾਂ ਜੋ ਲੋਕ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਸ ਹਸਪਤਾਲ ਵਿੱਚ ਸਿਰਫ਼ ਦੋ ਮੈਡੀਕਲ ਅਫ਼ਸਰ (ਜਨਰਲ) ਹੁੰਦੇ ਸਨ ਪਰ ਹੁਣ ਇੱਥੇ ਚਾਰ ਮੈਡੀਕਲ ਅਫ਼ਸਰ (ਜਨਰਲ) ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਸਿਰਫ਼ ਇਕ ਅਪਰੇਸ਼ਨ ਥੀਏਟਰ ਸੀ ਪਰ ਹੁਣ ਇਕ ਹੋਰ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ।
STEM ਮੋਬਾਈਲ ਬੱਸ ਨੂੰ ਵੀ ਦਿੱਤੀ ਹਰੀ ਝੰਡੀ
ਮਾਨ ਨੇ ਕਿਹਾ ਕਿ ਪੰਜ ਆਮ ਆਦਮੀ ਕਲੀਨਿਕ ਅਤੇ 20 ਆਯੁਸ਼ਮਾਨ ਅਰੋਗਿਆ ਕੇਂਦਰ ਚਮਕੌਰ ਸਾਹਿਬ ਹਸਪਤਾਲ ਨਾਲ ਜੁੜੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਟੈੱਮ ਮੋਬਾਈਲ ਬੱਸ ਨੂੰ ਵੀ ਹਰੀ ਝੰਡੀ ਦਿਖਾਈ ਗਈ, ਜੋ ਸਕੂਲਾਂ ਵਿੱਚ ਜਾਵੇਗੀ ਅਤੇ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ ਵਿੱਚ ਵਿਦਿਆਰਥੀਆਂ ਦੇ ਸੰਕਲਪਾਂ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬੱਸ ਬੱਚਿਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਾਏਗੀ ਅਤੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਵਿਗਿਆਨ ਅਤੇ ਗਣਿਤ ਬਾਰੇ ਵਿਚਾਰ-ਵਟਾਂਦਰਾ ਸੈਸ਼ਨਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰਾਹੀਂ ਵਿਦਿਆਰਥੀ ਪ੍ਰਯੋਗ ਵੀ ਕਰ ਸਕਣਗੇ, ਜਿਸ ਨਾਲ ਉਨ੍ਹਾਂ ਵਿੱਚ ਜਗਿਆਸਾ ਪੈਦਾ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਟੇਡੀਅਮ ਵਿੱਚ ਉਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਉਨ੍ਹਾਂ ਮੋਰਿੰਡਾ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਵੀ ਹਾਜ਼ਰ ਰਹੇ।