ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ 11 ਨਵੰਬਰ ਤੋਂ ‘ਪੰਜਾਬ ਮੰਗਦਾ ਇਨਸਾਫ਼’ ਦੇ ਨਾਂ ਹੇਠ ਸੂਬਾ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੋਵੇਗੀ, ਜਿਸ ਤਹਿਤ ਪੂਰੇ ਪੰਜਾਬ ਵਿੱਚ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
ਕਾਂਗਰਸ ਵੱਲੋਂ ਜਾਰੀ ਪ੍ਰੈੱਸ ਸੱਦੇ ਮੁਤਾਬਕ, ਅੱਜ ਸਵੇਰੇ 11 ਵਜੇ ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਅਧਿਕਾਰਤ ਤੌਰ ’ਤੇ ਮੁਹਿੰਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।
ਇਸ ਮੁਹਿੰਮ ਤਹਿਤ ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਵਰਕਰਾਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ, ਬੁੱਧੀਜੀਵੀਆਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸਾਈਕਲ ਰੈਲੀਆਂ ਵੀ ਕੱਢੀਆਂ ਜਾਣਗੀਆਂ। ਪਾਰਟੀ ਦਾ ਉਦੇਸ਼ ਇਸ ਮੁਹਿੰਮ ਰਾਹੀਂ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਠਾਉਣਾ ਹੈ।