Education about Drugs: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲਣ ਜਾ ਰਹੀ ਹੈ, ਕਿਉਂਕਿ 1 ਅਗਸਤ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਦਾ ਵਿਸ਼ਾ ਪੜ੍ਹਾਇਆ ਜਾਵੇਗਾ। ਬੈਂਸ ਨੇ ਇਹ ਗੱਲ ਐਤਵਾਰ ਨੂੰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕਰਵਾਏ ਗਏ ਨਸ਼ਿਆਂ ਵਿਰੁੱਧ ਜੰਗ ਦੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕਹੀ।
ਬੈਂਸ ਨੇ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਆਵਾਜ਼ ਹਰ ਘਰ ਤੱਕ ਪਹੁੰਚੇਗੀ। ਇਸ ਮੌਕੇ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਅਤੇ ਸਮਾਜ ਨੂੰ ਦਿਸ਼ਾ ਦੇਣ ਵਾਲੇ ਲੋਕਾਂ ਦਾ ਸਨਮਾਨ ਕੀਤਾ ਗਿਆ। ਮੰਤਰੀ ਨੇ ਸਮਾਗਮ ਦੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਬਹੁਮੁੱਲੇ ਯੋਗਦਾਨ ਲਈ ਧੰਨਵਾਦ ਕੀਤਾ।
ਇਸ ਮੌਕੇ ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਜੜ੍ਹੋਂ ਪੁੱਟਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ ਦੀ ਸਹੁੰ ਚੁੱਕੀ।