ਚੰਡੀਗੜ੍ਹ ਵਿੱਚ ਅੱਜ ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਰੈਲੀ, ਵਿਧਾਨ ਸਭਾ ਵੱਲ ਰੋਸ ਮਾਰਚ ਦਾ ਐਲਾਨ
Punjab employees and pensioners Relly: ਚੰਡੀਗੜ੍ਹ: ਪੰਜਾਬ ਦੇ ਕਰਮਚਾਰੀ ਅਤੇ ਪੈਨਸ਼ਨਰ ਸਾਂਝੇ ਮੋਰਚੇ ਦੇ ਸੱਦੇ ‘ਤੇ ਅੱਜ 7 ਅਗਸਤ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਕਾਰਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹ ਰੈਲੀ ਚੰਡੀਗੜ੍ਹ ਦੇ ਸੈਕਟਰ-39 ਸਥਿਤ ਦਾਣਾ ਮੰਡੀ ਵਿੱਚ ਹੋਵੇਗੀ। ਰੈਲੀ ਤੋਂ ਬਾਅਦ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਵੀ ਕਰਨਗੇ। ਸਾਂਝੇ ਮੋਰਚੇ ਦਾ ਕਹਿਣਾ ਹੈ ਕਿ ਇਹ ਰੈਲੀ ਸਰਕਾਰ ਨੂੰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਏਕਤਾ ਅਤੇ ਆਪਣੇ ਹੱਕਾਂ ਲਈ ਜਾਰੀ ਸੰਘਰਸ਼ ਦਾ ਸਪੱਸ਼ਟ ਸੰਦੇਸ਼ ਦੇਵੇਗੀ।
ਕਰਮਚਾਰੀਆਂ ਦੀਆਂ ਮੁੱਖ ਮੰਗਾਂ ਹਨ ਕਿ:
ਪੁਰਾਣੀ ਪੈਨਸ਼ਨ ਸਕੀਮ (OPS) ਦੀ ਬਹਾਲੀ,
ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ (DA) ਜਾਰੀ ਕਰਨਾ,
ਠੇਕਾ ਕਰਮਚਾਰੀਆਂ ਨੂੰ ਨਿਯਮਤ ਕਰਨਾ,
ਅਤੇ ਬੰਦ ਕੀਤੇ ਗਏ ਹੋਰ ਕਰਮਚਾਰੀ ਲਾਭਾਂ ਨੂੰ ਮੁੜ ਬਹਾਲ ਕਰਨਾ ਸ਼ਾਮਲ ਹੈ।
ਸਾਂਝੇ ਮੋਰਚੇ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
