ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ, ਅੱਜ 18 ਅਗਸਤ ਨੂੰ ਵੀ ਕੰਮਕਾਜ ਰਹੇਗਾ ਠੱਪ
Punjab government employees on strike: ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਸੋਮਵਾਰ ਤੋਂ ਜਾਰੀ ਹੈ। ਪੰਜਾਬ ਭਰ ਦੇ ਮਿਨਿਸਟੀਰੀਅਲ ਕਰਮਚਾਰੀਆਂ ਨੇ ਅੱਜ 18 ਅਗਸਤ ਨੂੰ ਵੀ ਕੰਮਕਾਜ ਠੱਪ ਰੱਖਣ ਦਾ ਫੈਸਲਾ ਕੀਤਾ ਹੈ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਦਫ਼ਤਰਾਂ ਵਿੱਚ ਆਮ ਲੋਕਾਂ ਨਾਲ ਸਬੰਧਤ ਕੰਮ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।
ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਸਬੰਧੀ ਸਕਾਰਾਤਮਕ ਕਦਮ ਨਾ ਚੁੱਕਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਕਰਮਚਾਰੀ ਸੰਗਠਨ ਵੱਲੋਂ 27 ਅਗਸਤ ਤੋਂ ‘ਮਰਨ ਵਰਤ’ ਸ਼ੁਰੂ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।
ਮਿਨਿਸਟੀਰੀਅਲ ਕਰਮਚਾਰੀਆਂ ਦੀਆਂ ਮੁੱਖ ਮੰਗਾਂ:
ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ
DA ਅਤੇ ਹੋਰ ਲੰਬਿਤ ਏਰੀਅਰ ਦਾ ਭੁਗਤਾਨ ਕੀਤਾ ਜਾਵੇ
ਪੁਰਾਣੀ ਪੈਨਸ਼ਨ ਸਕੀਮ (OPS) ਬਹਾਲ ਕੀਤੀ ਜਾਵੇ
ਕੱਚੇ ਅਤੇ ਕਾਂਟਰੈਕਟ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ
ਪੇ-ਕਮਿਸ਼ਨ ਨਾਲ ਸਬੰਧਤ ਤਨਖ਼ਾਹੀ ਵਿਸੰਗਤੀਆਂ ਦੂਰ ਕੀਤੀਆਂ ਜਾਣ ਅਤੇ ਲੰਬਿਤ ਮਸਲੇ ਹੱਲ ਕੀਤੇ ਜਾਣ
ਮਿਨਿਸਟੀਰੀਅਲ ਸਟਾਫ ਦੀਆਂ ਤਰੱਕੀਆਂ ਕੀਤੀਆਂ ਜਾਣ ਅਤੇ ਖਾਲੀ ਅਸਾਮੀਆਂ ਭਰੀਆਂ ਜਾਣ
ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਜਲਦ ਫੈਸਲਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
