Punjab News: ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
Flood-hit Villages of Sultanpur Lodhi: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।
ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ।
ਉਨਾਂ ਦੱਸਿਆ ਕਿ ਬਿਆਸ ਦਰਿਆ ਵਿੱਚ ਡੀ-ਸਿਲਟਿੰਗ ਸਬੰਧੀ ਮੁੱਖ ਇੰਜੀਨੀਅਰ ਡਰੇਨੇਜ ਤੋਂ ਵਿਆਪਕ ਰਿਪੋਰਟ ਮੰਗੀ ਗਈ ਹੈ ਜਿਸ ਉੱਪਰ ਵਿਚਾਰ ਕਰਕੇ ਪਾਣੀ ਘਟਣ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।