8 ਲੱਖ ਮੁਲਾਜ਼ਮਾਂ-ਪੈਨਸ਼ਨਰਾਂ ਦੇ ਬਕਾਇਆ DA ‘ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ, ਕਾਨੂੰਨੀ ਸਮੀਖਿਆ ਜਾਰੀ
Punjab Pensioners Harpal Cheema; ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਮਹਿੰਗਾਈ ਭੱਤਾ (DA) ਅਦਾ ਕਰਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸਰਕਾਰ ਕਾਨੂੰਨੀ ਅਤੇ ਸੰਵਿਧਾਨਕ ਜ਼ਿੰਮੇਵਾਰੀਆਂ ਤੋਂ ਪਿੱਛੇ ਨਹੀਂ ਹਟੇਗੀ, ਪਰ ਹਾਈਕੋਰਟ ਦੇ ਫ਼ੈਸਲੇ ਦੇ ਕੁਝ ਪੱਖਾਂ ਦੀ ਕਾਨੂੰਨੀ ਸਮੀਖਿਆ ਕੀਤੀ ਜਾ ਰਹੀ ਹੈ।
ਚੀਮਾ ਨੇ ਕਿਹਾ ਕਿ ਮਾਮਲੇ ਵਿੱਚ ਕੁਝ ਮਹੱਤਵਪੂਰਨ ਕਾਨੂੰਨੀ ਪੱਖਾਂ ਅਤੇ ਪਹਿਲਾਂ ਦੇ ਫ਼ੈਸਲਿਆਂ ਨੂੰ ਅਦਾਲਤ ਵਿੱਚ ਪੂਰੀ ਤਰ੍ਹਾਂ ਪੇਸ਼ ਨਹੀਂ ਕੀਤਾ ਗਿਆ। ਇਸ ਲਈ ਸਰਕਾਰ ਆਪਣੀ ਕਾਨੂੰਨੀ ਟੀਮ ਤੋਂ ਫ਼ੈਸਲੇ ਦੀ ਸਮੀਖਿਆ ਕਰਵਾ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਅਗਲਾ ਕਦਮ ਚੁੱਕਿਆ ਜਾਵੇਗਾ। ਹਾਲਾਂਕਿ ਉਨ੍ਹਾਂ ਇਹ ਸਪੱਸ਼ਟ ਨਹੀਂ ਕੀਤਾ ਕਿ ਸਰਕਾਰ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ ਜਾਂ ਨਹੀਂ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਅੰਦਰ ਬਕਾਇਆ ਡੀਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਜੇਕਰ ਇਸ ਮਿਆਦ ਵਿੱਚ ਭੁਗਤਾਨ ਨਾ ਕੀਤਾ ਗਿਆ ਤਾਂ ਸਰਕਾਰ ਨੂੰ 6 ਫ਼ੀਸਦੀ ਵਿਆਜ ਵੀ ਦੇਣਾ ਪਵੇਗਾ। ਨਾਲ ਹੀ ਸਰਕਾਰ ਨੂੰ ਇਸ਼ਤਿਹਾਰਾਂ ‘ਤੇ ਖ਼ਰਚ ਰੋਕਣ ਲਈ ਵੀ ਕਿਹਾ ਗਿਆ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ 2016 ਵਿੱਚ ਆਈ ਸੀ, ਪਰ ਉਸ ਵੇਲੇ ਦੀ ਸਰਕਾਰ ਨੇ ਇਸ ਨੂੰ ਲਾਗੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਰਿਪੋਰਟ ਲਾਗੂ ਕੀਤੀ ਗਈ, ਪਰ 1 ਜਨਵਰੀ 2016 ਤੋਂ ਜੁਲਾਈ 2021 ਤੱਕ ਦਾ ਡੀਏ ਬਕਾਇਆ ਫ੍ਰੀਜ਼ ਕਰ ਦਿੱਤਾ ਗਿਆ ਸੀ, ਜਿਸ ਕਾਰਨ ਕੁੱਲ ਬਕਾਇਆ 14,191 ਕਰੋੜ ਰੁਪਏ ਤੱਕ ਪਹੁੰਚ ਗਿਆ।
ਚੀਮਾ ਨੇ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਨੇ 85 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਅਤੇ ਫਿਰ 75 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਬਕਾਇਆ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅਪ੍ਰੈਲ 2026 ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ ਡੀਏ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਲਗਭਗ 6,000 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਕਮ ਦੇ ਭੁਗਤਾਨ ਲਈ ਸਰਕਾਰ ਨੇ ਹਾਈਕੋਰਟ ਵਿੱਚ ਇੱਕ ਲਿਕਵਿਡੇਸ਼ਨ ਪਲਾਨ ਵੀ ਪੇਸ਼ ਕੀਤਾ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰੀ ਦਿੱਤੀ ਸੀ।
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਕਈ ਅਹੁਦਿਆਂ ‘ਤੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ ਵੱਧ ਤਨਖ਼ਾਹ ਦਿੱਤੀ ਜਾ ਰਹੀ ਹੈ। ਉਦਾਹਰਨ ਵਜੋਂ ਪੰਜਾਬ ਵਿੱਚ ਇੱਕ ਕਲਰਕ ਦੀ ਤਨਖ਼ਾਹ 54,812 ਰੁਪਏ ਹੈ, ਜਦਕਿ ਕੇਂਦਰ ਵਿੱਚ ਇਹ 36,960 ਰੁਪਏ ਹੈ। ਇਸੇ ਤਰ੍ਹਾਂ ਕਾਂਸਟੇਬਲਾਂ ਦੀ ਤਨਖ਼ਾਹ ਵੀ ਕਈ ਮਾਮਲਿਆਂ ਵਿੱਚ ਵੱਧ ਹੈ।