ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਲਈ ਸਰਹੱਦੀ ਜ਼ਿਲ੍ਹਿਆਂ ’ਚ ਪਾਇਲਟ ਪ੍ਰੋਜੈਕਟ ਨੂੰ ਮਨਜ਼ੂਰੀ
Punjab govt pilot project in border districts: ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਦੇ ਇਲਾਜ ਦੇ ਨਾਲ ਮਰੀਜ਼ਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਮਜ਼ਬੂਤ ਕਰਨ ਲਈ ਨਵੀਂ ਪਹਿਲ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ, ਤਰਨਤਾਰਨ ਅਤੇ ਫਾਜ਼ਿਲਕਾ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਤੇ ਓਓਏਟੀ ਕਲੀਨਿਕਾਂ ਵਿੱਚ ਵੀ ‘ਆਰਟ ਆਫ ਲਿਵਿੰਗ’ ਆਧਾਰਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਹੈ।
ਆਰਟ ਆਫ ਲਿਵਿੰਗ ਫਾਊਂਡੇਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਲਏ ਇਸ ਫੈਸਲੇ ਤਹਿਤ ਆਧਿਆਤਮਿਕ ਵੈਲਨੈੱਸ ਪ੍ਰੋਗਰਾਮ ਨੂੰ ਮੌਜੂਦਾ ਮੈਡੀਕਲ ਇਲਾਜ ਦੇ ਨਾਲ ਜੋੜਿਆ ਜਾਵੇਗਾ। ਸਰਕਾਰ ਮੁਤਾਬਕ ਇਸ ਦਾ ਉਦੇਸ਼ ਦਵਾਈਆਂ ਰਾਹੀਂ ਇਲਾਜ ਅਤੇ ਲੰਬੇ ਸਮੇਂ ਦੇ ਮਨੋ-ਸਮਾਜਿਕ ਪੁਨਰਵਾਸ ਵਿਚਲੇ ਪਾੜੇ ਨੂੰ ਘਟਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਸਿਰਫ਼ ਮੈਡੀਕਲ ਇਲਾਜ ਤੱਕ ਸੀਮਿਤ ਨਹੀਂ, ਸਗੋਂ ਇਸ ਵਿੱਚ ਭਾਵਨਾਵਾਂ ਅਤੇ ਦ੍ਰਿੜ੍ਹ ਇੱਛਾ-ਸ਼ਕਤੀ ਦੀ ਵੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਸਿਰਫ਼ ਲੋਕਾਂ ਨੂੰ ਇਲਾਜ ਤੱਕ ਲਿਆਉਣਾ ਨਹੀਂ, ਬਲਕਿ ਉਨ੍ਹਾਂ ਨੂੰ ਇਲਾਜ ਨਾਲ ਜੋੜ ਕੇ ਰੱਖਣਾ ਅਤੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣਾ ਹੈ।
ਇਹ ਪਾਇਲਟ ਪ੍ਰੋਗਰਾਮ ਮੌਜੂਦਾ ਮੈਡੀਕਲ ਇਲਾਜ ਦਾ ਪੂਰਕ ਹੋਵੇਗਾ ਅਤੇ ਮੈਡੀਕਲ ਸਟਾਫ਼ ਦੇ ਸਹਿਯੋਗ ਨਾਲ ਚਲਾਇਆ ਜਾਵੇਗਾ। ਸਰਕਾਰ ਅਨੁਸਾਰ ਬਾਅਦ ਵਿੱਚ ਸਿਖਲਾਈ ਪ੍ਰਾਪਤ ਸਥਾਨਕ ਅਮਲੇ ਨੂੰ ਇਸ ਦੀ ਜ਼ਿੰਮੇਵਾਰੀ ਸੌਂਪਣ ਦੀ ਯੋਜਨਾ ਹੈ।
ਮਾਨਸਾ ਤੇ ਸੰਗਰੂਰ ’ਚ ਭੂਜਲ ਸੰਭਾਲ ਲਈ ਵੀ ਪਾਇਲਟ ਪ੍ਰੋਜੈਕਟ
ਮੁੱਖ ਮੰਤਰੀ ਨੇ ਆਰਟ ਆਫ ਲਿਵਿੰਗ ਫਾਊਂਡੇਸ਼ਨ ਨੂੰ ਮਾਨਸਾ ਅਤੇ ਸੰਗਰੂਰ ਵਿੱਚ ਭੂਜਲ ਰੀਚਾਰਜ ਅਤੇ ਸੰਭਾਲ ਲਈ ਵੀ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤਹਿਤ ਭੂਜਲ ਦੀ ਸਥਿਤੀ ਸੁਧਾਰਨ ਅਤੇ ਪਾਣੀ ਦੀ ਸੰਭਾਲ ਲਈ ਰਣਨੀਤੀਆਂ ਤਿਆਰ ਕੀਤੀਆਂ ਜਾਣਗੀਆਂ।
