Sutlej Yamuna Link Issue: ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਸਬੰਧੀ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ। ਇਸ ਮੁੱਦੇ ‘ਤੇ ਤਿੰਨ ਮੀਟਿੰਗਾਂ ਹੋ ਚੁੱਕੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਟੀਮ ਨਾਲ ਮੀਟਿੰਗ ਵਿੱਚ ਮੌਜੂਦ ਹਨ, ਇਹ ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਪਹਿਲੀ ਮੀਟਿੰਗ ਹੈ। ਪਹਿਲਾਂ ਦੀਆਂ ਮੀਟਿੰਗਾਂ ਬੇਸਿੱਟਾ ਰਹੀਆਂ। ਇਸ 212 ਕਿਲੋਮੀਟਰ ਲੰਬੀ ਨਹਿਰ ਵਿੱਚ ਹਰਿਆਣਾ ਦੇ ਹਿੱਸੇ ਦਾ 92 ਕਿਲੋਮੀਟਰ ਹਿੱਸਾ ਬਣ ਚੁੱਕਾ ਹੈ, ਜਦੋਂ ਕਿ ਪੰਜਾਬ ਦੇ 122 ਕਿਲੋਮੀਟਰ ਹਿੱਸੇ ਦਾ ਨਿਰਮਾਣ ਅਜੇ ਵੀ ਅਧੂਰਾ ਹੈ। ਇਹ ਮੀਟਿੰਗ 13 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਦੋਵਾਂ ਰਾਜਾਂ ਵਿਚਕਾਰ ਸਹਿਮਤੀ ਬਣਾਉਣ ਦੀ ਕੋਸ਼ਿਸ਼ ਹੈ।
ਸੁਪਰੀਮ ਕੋਰਟ ਨੇ ਜਨਵਰੀ 2002 ਵਿੱਚ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ ਅਤੇ ਪੰਜਾਬ ਨੂੰ ਨਹਿਰ ਬਣਾਉਣ ਦਾ ਹੁਕਮ ਦਿੱਤਾ ਸੀ, ਪਰ 2004 ਵਿੱਚ, ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਇੱਕ ਕਾਨੂੰਨ ਪਾਸ ਕਰਕੇ 1981 ਦੇ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ। ਇਸ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਪਹਿਲੀ ਮੀਟਿੰਗ 18 ਅਗਸਤ 2020 ਨੂੰ ਹੋਈ ਸੀ, ਜਦੋਂ ਕਿ ਦੂਜੀ ਮੀਟਿੰਗ 14 ਅਕਤੂਬਰ 2022 ਨੂੰ ਅਤੇ ਤੀਜੀ ਮੀਟਿੰਗ 4 ਜਨਵਰੀ 2023 ਨੂੰ ਹੋਈ ਸੀ। ਪਰ ਦੋਵਾਂ ਧਿਰਾਂ ਵਿਚਕਾਰ ਕੋਈ ਸਹਿਮਤੀ ਨਹੀਂ ਬਣ ਸਕੀ।
ਹਰਪਾਲ ਚੀਮਾ ਨੇ ਕਿਹਾ – ਆਪਣਾ ਪਾਣੀ ਕਿਸੇ ਨੂੰ ਨਹੀਂ ਦੇਵਾਂਗੇ
ਇਸ ਮਾਮਲੇ ਵਿੱਚ ਪੰਜਾਬ ਦਾ ਸਟੈਂਡ ਬਹੁਤ ਸਪੱਸ਼ਟ ਹੈ ਕਿ ਸਾਡੇ ਕੋਲ ਪਾਣੀ ਬਿਲਕੁਲ ਨਹੀਂ ਹੈ। ਮੁੱਖ ਮੰਤਰੀ ਅੱਜ ਹੋਣ ਵਾਲੀ ਮੀਟਿੰਗ ਵਿੱਚ ਇਹ ਗੱਲ ਵੀ ਰੱਖ ਸਕਦੇ ਹਨ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਸੀਂ ਆਪਣਾ ਪਾਣੀ ਕਿਸੇ ਨੂੰ ਨਹੀਂ ਦੇਵਾਂਗੇ। ਮੀਟਿੰਗ ਵਿੱਚ ਯਮੁਨਾ-ਸਤਲੁਜ ਲਿੰਕ ਦਾ ਮੁੱਦਾ ਉਠਾਇਆ ਜਾ ਸਕਦਾ ਹੈ, ਨਾਲ ਹੀ ਪੰਜਾਬ ਇਸ ਵਿੱਚ ਆਪਣਾ ਹਿੱਸਾ ਮੰਗ ਸਕਦਾ ਹੈ।