ਪੰਜਾਬ ਪੁਲਿਸ ਵੱਲੋਂ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ
Punjab Police arrests most wanted fugitive: ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਬ-ਡਿਵੀਜ਼ਨ ਜੰਡਿਆਲਾ ਅਤੇ ਥਾਣਾ ਤਰਸਿੱਕਾ ਦੀ ਟੀਮ ਨੇ ਇੱਕ ਮੋਸਟ ਵਾਂਟੇਡ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਦੀਪ ਸਿੰਘ ਉਰਫ਼ ਮਨੀ, ਪੁੱਤਰ ਬਲਕਾਰ ਸਿੰਘ, ਵਾਸੀ ਤਰਸਿੱਕਾ ਵਜੋਂ ਹੋਈ ਹੈ।
ਐੱਸਪੀ (ਦਿਹਾਤੀ) ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਅਤੇ ਰੇਂਜ ਆਈਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐੱਸਐੱਸਪੀ ਅਮਨੀਤ ਕੌਂਡਲ ਦੀ ਨਿਗਰਾਨੀ ਵਿੱਚ ਅਪਰਾਧੀਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲਿਸ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਕੁੱਲ 10 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਚਾਰ ਗੰਭੀਰ ਮਾਮਲਿਆਂ ਵਿੱਚ ਲੰਮੇ ਸਮੇਂ ਤੋਂ ਫ਼ਰਾਰ ਸੀ। ਉਸ ਵਿਰੁੱਧ ਗੋਲੀਬਾਰੀ, ਚੋਰੀ, ਐਨਡੀਪੀਐਸ ਐਕਟ ਅਤੇ ਥਾਣਾ ਘੁਮਾਣ ਵਿੱਚ ਧਾਰਾ 302 ਤਹਿਤ ਕਤਲ ਦਾ ਮਾਮਲਾ ਵੀ ਦਰਜ ਹੈ।
ਪੁਲਿਸ ਮੁਤਾਬਕ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁੱਛਗਿੱਛ ਦੌਰਾਨ ਹੋਰ ਅਪਰਾਧਿਕ ਵਾਰਦਾਤਾਂ ਅਤੇ ਗਿਰੋਹ ਦੇ ਹੋਰ ਮੈਂਬਰਾਂ ਬਾਰੇ ਜਾਣਕਾਰੀ ਮਿਲਣ ਦੀ ਉਮੀਦ ਹੈ। ਪੁਲਿਸ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ।
