Punjab DGP: ਦੋਸ਼ੀ ਅੰਮ੍ਰਿਤਸਰ ਖੇਤਰ ਵਿੱਚ ਪੁਲਿਸ ਸਥਾਪਨਾਵਾਂ ‘ਤੇ ਹਮਲਾ ਕਰਨ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸੀ।
Punjab Police Busts BKI Terror Module: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਪਾਕਿ ISI-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸਨੂੰ ਯੂਕੇ-ਅਧਾਰਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ-ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਵਲੋਂ ਚਲਾਇਆ ਜਾ ਰਿਹਾ ਸੀ। ਪੁਲਿਸ ਨੇ ਇੱਕ ਕਿਸ਼ੋਰ ਸਮੇਤ ਤਿੰਨ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕੋਲੋਂ ਪੁਲਿਸ ਨੂੰ ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਏ ਹਨ। ਦੋਸ਼ੀ ਅੰਮ੍ਰਿਤਸਰ ਖੇਤਰ ਵਿੱਚ ਪੁਲਿਸ ਸਥਾਪਨਾਵਾਂ ‘ਤੇ ਹਮਲਾ ਕਰਨ ਅਤੇ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦਿੱਤੀ ਜਾਣਕਾਰੀ ਸਾਰੇ ਦੋਸ਼ੀ ਅੰਮ੍ਰਿਤਸਰ ਦੇ
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਰਾਮਦਾਸ ਦੇ ਰਹਿਣ ਵਾਲੇ ਹਨ। ਜਦੋਂ ਕਿ ਇੱਕ ਦੋਸ਼ੀ ਵੀ ਕਿਸ਼ੋਰ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ ਦੋ ਹੈਂਡ ਗ੍ਰਨੇਡ, ਇੱਕ ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਪੁਲਿਸ ਵੱਲੋਂ ਬੀਐਨਐਸ ਅਤੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਮੋਹਾਲੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਪੁਲਿਸ ਅੱਤਵਾਦੀ ਸੰਗਠਨਾਂ ਨੂੰ ਖਤਮ ਕਰਨ ਵਿੱਚ ਲਗਾਤਾਰ ਲੱਗੀ ਹੋਈ ਹੈ।