ਪੰਜਾਬ ਪੁਲਿਸ ਵੱਲੋਂ ਵਿਦੇਸ਼ੀ ਹੈਂਡਲਰਾਂ ਦਾ ਨੈੱਟਵਰਕ ਬੇਨਕਾਬ, 14 ਪਿਸਤੌਲ ਸਮੇਤ 6 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
Amritsar Police Bust Illegal Arms Network; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 14 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਦੇ DGP ਗੌਰਵ ਯਾਦਵ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝੀ ਕੀਤੀ।
DGP ਗੌਰਵ ਯਾਦਵ ਮੁਤਾਬਕ ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਇਹ ਹੈਂਡਲਰ ਸੋਸ਼ਲ ਮੀਡੀਆ ਰਾਹੀਂ ਮੁਲਜ਼ਮਾਂ ਨਾਲ ਸੰਪਰਕ ਬਣਾਉਂਦੇ ਸਨ ਅਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਵਾਉਂਦੇ ਸਨ।
ਜਾਂਚ ਮੁਤਾਬਕ ਹਥਿਆਰਾਂ ਦੀਆਂ ਖੇਪਾਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਸਨ। ਇਸ ਤੋਂ ਬਾਅਦ ਮੁਲਜ਼ਮ ਡਰੋਨ ਰਾਹੀਂ ਪਹੁੰਚਣ ਵਾਲੇ ਹਥਿਆਰ ਇਕੱਠੇ ਕਰਕੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਪਹੁੰਚਾਉਂਦੇ ਸਨ।
ਛੇਹਰਟਾ ਅਤੇ ਸਿਵਲ ਲਾਈਨ ਥਾਣੇ ਵਿੱਚ 2 FIR ਦਰਜ
ਪੁਲਿਸ ਨੇ ਦੋਵਾਂ ਨੈੱਟਵਰਕਾਂ ਸਬੰਧੀ ਵੱਖ-ਵੱਖ ਦੋ FIR ਦਰਜ ਕੀਤੀਆਂ ਹਨ। ਇਨ੍ਹਾਂ ਵਿੱਚੋਂ ਇੱਕ ਮਾਮਲਾ ਥਾਣਾ ਛੇਹਰਟਾ ਅਤੇ ਦੂਜਾ ਥਾਣਾ ਸਿਵਲ ਲਾਈਨ ਵਿੱਚ ਦਰਜ ਕੀਤਾ ਗਿਆ ਹੈ। ਪੁਲਿਸ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ।
ਹਥਿਆਰਾਂ ਦੀ ਸਪਲਾਈ ਦੇ ਸਰੋਤ ਦੀ ਜਾਂਚ ਜਾਰੀ
ਜਾਂਚ ਦੌਰਾਨ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਥਿਆਰਾਂ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਇਨ੍ਹਾਂ ਨੂੰ ਅੱਗੇ ਕਿਹੜੇ ਲੋਕਾਂ ਤੱਕ ਪਹੁੰਚਾਇਆ ਜਾਣਾ ਸੀ। ਪੁਲਿਸ ਇਸ ਨੈੱਟਵਰਕ ਨਾਲ ਜੁੜੇ ਸਾਰੇ ਸੰਪਰਕਾਂ ਦੀ ਪੜਤਾਲ ਕਰ ਰਹੀ ਹੈ।
DGP ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਖ਼ਤਮ ਕਰਨ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਰੋਕਣ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ।