Nawanshahr News: ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖ਼ਰੀਦਣ ਦਾ ਟੀਚਾ ਮਿੱਥਿਆ ਗਿਆ ਹੈ।
Wheat Procurement in Punjab: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਬੰਗਾ ਅਨਾਜ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਸਮੁੱਚੇ ਸੀਜ਼ਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਅਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧਾਂ ਤੋਂ ਇਲਾਵਾ ਪੀਣ ਵਾਲੇ ਪਾਣੀ, ਸਾਫ਼-ਸਫਾਈ, ਰੋਸ਼ਨੀ, ਗੁਸਲਖਾਨਿਆਂ ਆਦਿ ਦੇ ਵੀ ਢੁਕਵੇਂ ਇੰਤਜ਼ਾਮ ਕੀਤੇ ਗਏ ਹਨ। ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਸੰਭਾਵਨਾ ਹੈ ਅਤੇ 124 ਲੱਖ ਮੀਟ੍ਰਿਕ ਟਨ ਕਣਕ ਖ਼ਰੀਦਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿਚ 4 ਲੱਖ 16 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 3 ਲੱਖ 26 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਨਾਲ ਹੀ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੀ ਖ਼ਰੀਦ ਕੀਤੀ ਜਿਣਸ ਦਾ 151 ਕਰੋੜ ਰੁਪਿਆ ਉਨ੍ਹਾਂ ਦੇ ਖਾਤਿਆਂ ਵਿਚ ਪਾਇਆ ਜਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚ ਆਉਣ ਵਾਲੇ ਕਣਕ ਦੇ ਹਰੇਕ ਦਾਣੇ ਦੀ ਖ਼ਰੀਦ ਨੂੰ ਯਕੀਨੀ ਬਣਾਉਣ ਅਤੇ 24 ਘੰਟਿਆਂ ਅੰਦਰ ਅਦਾਇਗੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਦੌਰਾਨ ਉਨ੍ਹਾਂ ਕਿਸਾਨ ਰਾਜਵੀਰ ਸਿੰਘ, ਪਿੰਡ ਮਾਹਿਲ ਗਹਿਲਾਂ ਦੀ ਢੇਰੀ ਦੀ ਖ਼ਰੀਦ ਕਰਵਾ ਕੇ ਖ਼ਰੀਦ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਹਾਜ਼ਰ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ।