ਪੰਜਾਬ ਵਿਧਾਨ ਸਭਾ ਦਾ ਅੱਜ ਪੰਜਵਾਂ ਦਿਨ, ਗੈਰ-ਕਾਨੂੰਨੀ ਮਾਈਨਿੰਗ ਅਤੇ ਗੈਂਗਸਟਰ ਮੁੱਦੇ ‘ਤੇ ਸਿਆਸੀ ਟਕਰਾਅ ਤੇਜ਼
Punjab Vidhan Sabha monsoon session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਪੰਜਵਾਂ ਦਿਨ ਹੈ। ਚੌਥੇ ਦਿਨ ਸਦਨ ਵਿੱਚ ਗੈਰ-ਕਾਨੂੰਨੀ ਮਾਈਨਿੰਗ ਅਤੇ ਗੈਂਗਸਟਰ ਨੈੱਟਵਰਕ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉੱਠਿਆ, ਜਿਸ ਦੌਰਾਨ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਤਿੱਖੀ ਬਹਿਸ ਹੋਈ।
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਦੋਸ਼ ਲਗਾਇਆ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੌਕੇ ‘ਤੇ ਜਾ ਕੇ ਹਕੀਕਤ ਦਾ ਜਾਇਜ਼ਾ ਲੈਣਾ ਚਾਹੀਦਾ ਹੈ ਅਤੇ “ਜਿਸ ਕੋਲ ਖੇਤ ਹੈ, ਉਹ ਰੇਤ ਦਾ ਮਾਲਕ ਹੈ” ਵਾਲੀ ਸਥਿਤੀ ਨੂੰ ਸਮਝਣਾ ਚਾਹੀਦਾ ਹੈ।
ਮਾਈਨਿੰਗ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ਨੂੰ ਲੈ ਕੇ ਸਦਨ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਦੋਸ਼-ਪ੍ਰਤੀਦੋਸ਼ ਦਾ ਦੌਰ ਚੱਲਦਾ ਰਿਹਾ, ਜਿਸ ਕਾਰਨ ਮਾਹੌਲ ਕਾਫ਼ੀ ਗਰਮਾਇਆ ਰਿਹਾ। ਅੱਜ ਸੈਸ਼ਨ ਦੇ ਪੰਜਵੇਂ ਦਿਨ ਵੀ ਇਨ੍ਹਾਂ ਮੁੱਦਿਆਂ ‘ਤੇ ਤਿੱਖੀ ਚਰਚਾ ਅਤੇ ਹੰਗਾਮੇ ਦੇ ਆਸਾਰ ਹਨ।
