ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ, ਤੀਜੇ ਦਿਨ ਬੇਅਦਬੀ ਬਿੱਲ ਅਤੇ ਰੁਜ਼ਗਾਰ ਦੇ ਮੁੱਦੇ ‘ਤੇ ਹੋਈ ਤਿੱਖੀ ਬਹਿਸ
Punjab Vidhan Sabha monsoon session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਚੌਥਾ ਦਿਨ ਅੱਜ ਸਵੇਰੇ 10:00 ਵਜੇ ਸ਼ੁਰੂ ਹੋਵੇਗਾ। ਤੀਜੇ ਦਿਨ ਸਦਨ ਵਿੱਚ ਸਰਕਾਰ ਦੇ ਨਵੇਂ ਬੇਅਦਬੀ ਕਾਨੂੰਨ ਨੂੰ ਲੈ ਕੇ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਇਸ ਦੌਰਾਨ ਰੁਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇ ਮੁੱਦੇ ‘ਤੇ ਵੀ ਸੱਤਾ ਪੱਖ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਬਹਿਸ ਹੋਈ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 2017 ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਨੌਕਰੀਆਂ ਵਿੱਚ ਪਾਰਦਰਸ਼ਤਾ ਲਿਆਂਦੀ ਗਈ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਇਸ ਤੋਂ ਪਹਿਲਾਂ ਨੌਕਰੀਆਂ ਵਿਕਦੀਆਂ ਸਨ। ਉਨ੍ਹਾਂ ਨੇ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੂੰ ਨਵੇਂ ਵਿਚਾਰਾਂ ਨਾਲ ਨੌਕਰੀਆਂ ਪੈਦਾ ਕਰਨੀਆਂ ਚਾਹੀਦੀਆਂ ਹਨ, ਪਰ ਇਸ ਲਈ ਲੋੜੀਂਦੀ ਸੋਚ ਉਸ ਕੋਲ ਨਹੀਂ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜਕੱਲ੍ਹ ਕਾਲੀ ਵਰਦੀ ਪਾ ਕੇ ਘੁੰਮਣ ਵਾਲੇ ਲੋਕ ਆਪਣੇ ਆਪ ਨੂੰ ਬਾਊਂਸਰ ਦੱਸਦੇ ਹਨ।
ਇਸ ‘ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ 2017 ਦੀਆਂ ਚੋਣਾਂ ਲੜੀਆਂ ਸਨ ਅਤੇ ਉਸ ਸਮੇਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਵਿੱਚ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਨੇ ਇਸ ਨੂੰ ਕਾਂਗਰਸ ਦਾ ਸਭ ਤੋਂ ਵੱਡਾ ਧੋਖਾ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਉਸ ਦੌਰਾਨ ਇੱਕ ਵੀ ਵਿਅਕਤੀ ਨੂੰ ਵਾਅਦੇ ਮੁਤਾਬਕ ਨੌਕਰੀ ਨਹੀਂ ਮਿਲੀ ਅਤੇ ਭਰਤੀਆਂ ਸਿਰਫ਼ ਸਿਫ਼ਾਰਸ਼ਾਂ ਦੇ ਆਧਾਰ ‘ਤੇ ਕੀਤੀਆਂ ਗਈਆਂ।
ਹੁਣ ਸਭ ਦੀਆਂ ਨਜ਼ਰਾਂ ਵਿਧਾਨ ਸਭਾ ਦੇ ਚੌਥੇ ਦਿਨ ਦੀ ਕਾਰਵਾਈ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਬੇਅਦਬੀ ਕਾਨੂੰਨ ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਮੁੜ ਗਰਮਾਗਰਮ ਚਰਚਾ ਹੋਣ ਦੀ ਸੰਭਾਵਨਾ ਹੈ।
