Punjab Vigilance Bureau: ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ASI ਬਲਦੇਵ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ASI Arrested for Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਬਲਦੇਵ ਸਿੰਘ ਨੂੰ 2,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਕਪੂਰਥਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਅਨੁਸਾਰ ਅਦਾਲਤ ਤੋਂ ਅਗਾਊਂ ਜ਼ਮਾਨਤ ਕਰਵਾਉਣ ਤੋਂ ਬਾਅਦ ਸ਼ਿਕਾਇਤਕਰਤਾ ਨੂੰ ਪੁਲਿਸ ਤਫ਼ਤੀਸ਼ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਲਈ ਮੁਲਜ਼ਮ ਏਐਸਆਈ ਨੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਇਸ ਪੁਲਿਸ ਮੁਲਾਜ਼ਮ ਨੇ ਉਕਤ ਮਕਸਦ ਲਈ 5000 ਰੁਪਏ ਦੇਣ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਵੱਲੋਂ ਲਗਾਤਾਰ ਮਿੰਨਤਾਂ ਕਰਨ ਪਿੱਛੋਂ ਉਸਨੇ 2000 ਰੁਪਏ ਰਿਸ਼ਵਤ ਸਵੀਕਾਰ ਕਰ ਲਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸੱਚ ਪਾਏ ਗਏ ਜਿਸ ਤੋਂ ਬਾਅਦ ਉਪਰੋਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।