ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ
Punjabi woman murdered in Canada: ਚੰਡੀਗੜ੍ਹ: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਲੰਡਨ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਘਰ ਅੰਦਰ ਹੋਈ ਹਿੰਸਕ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ। ਪੁਲੀਸ ਨੇ ਮਾਮਲੇ ਵਿੱਚ ਉਸ ਦੇ 41 ਸਾਲਾ ਪਤੀ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਤੋਂ ਬਾਅਦ ਦੂਜੇ ਦਰਜੇ ਦੇ ਕਤਲ ਦਾ ਦੋਸ਼ ਲਾਇਆ ਹੈ। ਲੰਡਨ ਪੁਲੀਸ ਮੁਤਾਬਕ 15 ਸਤੰਬਰ ਦੀ ਸ਼ਾਮ ਕਰੀਬ 6:25 ਵਜੇ ਚੈਲਟਨ ਰੋਡ ਸਥਿਤ ਇੱਕ ਘਰ ਤੋਂ ਐਮਰਜੈਂਸੀ ਕਾਲ ਮਿਲੀ ਸੀ। ਮੌਕੇ ’ਤੇ ਪਹੁੰਚੇ ਅਧਿਕਾਰੀਆਂ ਨੂੰ ਇੱਕ ਔਰਤ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ। ਪੈਰਾਮੈਡਿਕਸ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਘਰ ਵਿੱਚ ਹੋਰ ਪਰਿਵਾਰਕ ਮੈਂਬਰ ਵੀ ਸਨ
ਪੁਲੀਸ ਅਨੁਸਾਰ ਘਟਨਾ ਸਮੇਂ ਘਰ ਵਿੱਚ ਪਰਿਵਾਰ ਦੇ ਹੋਰ ਮੈਂਬਰ ਵੀ ਮੌਜੂਦ ਸਨ, ਪਰ ਕਿਸੇ ਹੋਰ ਨੂੰ ਸਰੀਰਕ ਸੱਟ ਨਹੀਂ ਲੱਗੀ। ਪੁਲੀਸ ਨੇ ਹਾਲੇ ਮ੍ਰਿਤਕ ਔਰਤ ਦੀ ਪਛਾਣ ਜਨਤਕ ਨਹੀਂ ਕੀਤੀ ਹੈ। ਸਥਾਨਕ ਗੁਆਂਢੀਆਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਕੁਝ ਬੱਚਿਆਂ ਅਤੇ ਇੱਕ ਬਜ਼ੁਰਗ ਔਰਤ ਨੂੰ ਘਰ ਤੋਂ ਬਾਹਰ ਨਿਕਲਦੇ ਦੇਖਿਆ ਗਿਆ। ਹਾਲਾਂਕਿ, ਇਨ੍ਹਾਂ ਵੇਰਵਿਆਂ ਦੀ ਪੁਲੀਸ ਨੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਕੀਤੀ।
ਘਟਨਾ ਤੋਂ ਬਾਅਦ ਚੈਲਟਨ ਰੋਡ ਨੂੰ ਕੁਝ ਸਮੇਂ ਲਈ ਦੋਵੇਂ ਪਾਸਿਆਂ ਤੋਂ ਬੰਦ ਰੱਖਿਆ ਗਿਆ। ਲੰਡਨ ਪੁਲੀਸ ਦੀ ਮੇਜਰ ਕ੍ਰਾਈਮ ਯੂਨਿਟ ਨੇ ਜਾਂਚ ਸੰਭਾਲ ਲਈ ਹੈ ਅਤੇ ਫੋਰੈਂਸਿਕ ਟੀਮ ਵੱਲੋਂ ਘਰ ਵਿੱਚੋਂ ਸਬੂਤ ਇਕੱਠੇ ਕੀਤੇ ਗਏ ਹਨ। ਪੁਲੀਸ ਦਾ ਕਹਿਣਾ ਹੈ ਕਿ ਜਾਂਚ ਹਾਲੇ ਸ਼ੁਰੂਆਤੀ ਪੜਾਅ ਵਿੱਚ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਜਾਣਕਾਰੀ ਸਾਹਮਣੇ ਆ ਸਕਦੀ ਹੈ।
ਮਨਦੀਪ ਸਿੰਘ ਪੁਲੀਸ ਹਿਰਾਸਤ ਵਿੱਚ ਹੈ। ਉਸ ’ਤੇ ਲੱਗੇ ਦੋਸ਼ ਅਜੇ ਅਦਾਲਤ ਵਿੱਚ ਸਾਬਤ ਨਹੀਂ ਹੋਏ ਹਨ ਅਤੇ ਮੁਲਜ਼ਮ ਨੂੰ ਕਾਨੂੰਨ ਅਨੁਸਾਰ ਉਦੋਂ ਤਕ ਬੇਗੁਨਾਹ ਮੰਨਿਆ ਜਾਂਦਾ ਹੈ, ਜਦ ਤੱਕ ਦੋਸ਼ ਸਾਬਤ ਨਾ ਹੋਣ।
