ਵਿਦੇਸ਼ ‘ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਲਾਤਾਂ ‘ਚ ਮੌਤ, ਪਰਿਵਾਰ ਨੇ ਕੀਤੀ ਜਾਂਚ ਦੀ ਮੰਗ
Germany Punjabi Youth Death; ਅੰਮ੍ਰਿਤਸਰ ਦੇ ਹਲਕਾ ਅਜਨਾਲਾ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਇੱਕ ਨੌਜਵਾਨ ਦੀ ਜਰਮਨ ਵਿੱਚ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਸਾਹਿਬ ਸਿੰਘ ਵਜੋਂ ਹੋਈ ਹੈ, ਜੋ ਪਰਿਵਾਰ ਦੇ ਉੱਜਵਲ ਭਵਿੱਖ ਦੀ ਉਮੀਦ ਨਾਲ ਕਰੀਬ ਤਿੰਨ ਸਾਲ ਪਹਿਲਾਂ ਜਰਮਨ ਗਿਆ ਸੀ।
ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਵੇਰੇ ਕਰੀਬ 9 ਵਜੇ ਅਤੇ ਫਿਰ ਦੁਪਹਿਰ ਡੇਢ ਵਜੇ ਉਨ੍ਹਾਂ ਦੀ ਆਪਣੇ ਪੁੱਤਰ ਨਾਲ ਗੱਲਬਾਤ ਹੋਈ ਸੀ। ਇਸ ਤੋਂ ਬਾਅਦ ਰਾਤ ਸਮੇਂ ਗੁਰਸਾਹਿਬ ਸਿੰਘ ਦੇ ਤਾਇਆ ਪ੍ਰਗਟ ਸਿੰਘ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ।
ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗੁਰਸਾਹਿਬ ਸਿੰਘ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਉਸ ਦੇ ਘਰ ਪਹੁੰਚਾਈ ਜਾਵੇ ਅਤੇ ਮੌਤ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ।
