ਦੀਵਾਲੀ ਤੋਂ ਪਹਿਲਾਂ ਹੀ ਪੰਜਾਬ ਦੀ ਹਵਾ ਹੋਣ ਲੱਗੀ ਪ੍ਰਦੂਸ਼ਿਤ, ਪਟਿਆਲਾ ਦਾ AQI 239 ਤੇ ਲੁਧਿਆਣਾ ਦਾ 214 ‘ਤੇ ਪਹੁੰਚਿਆ
ਚੰਡੀਗੜ੍ਹ: ਦੀਵਾਲੀ ਤੋਂ ਪਹਿਲਾਂ ਹੀ ਪੰਜਾਬ ਦੀ ਹਵਾ ਪ੍ਰਦੂਸ਼ਿਤ ਹੋਣ ਲੱਗੀ ਹੈ। ਸੂਬੇ ਦੇ ਕਈ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (AQI) ਖਰਾਬ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ AQI 239 ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਵਿੱਚ ਇਹ 214 ਰਿਹਾ। ਸੂਬੇ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਹਵਾ ਦੀ ਗੁਣਵੱਤਾ ਯੈਲੋ ਜ਼ੋਨ ਵਿੱਚ ਬਣੀ ਹੋਈ ਹੈ।
ਦੂਜੇ ਪਾਸੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬ ‘ਚ ਹੁਣ ਤੱਕ 1,614 ਮਾਮਲ ਦਰਜ ਕੀਤੇ ਗਏ ਹਨ। ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੰਮ੍ਰਿਤਸਰ ਦੇ ਡੀਸੀ ਅਤੇ ਐੱਸਐੱਸਪੀ ਤੋਂ ਇਲਾਵਾ ਤਰਨਤਾਰਨ ਦੇ ਐੱਸਐੱਸਪੀ ਨੂੰ ਨੋਟਿਸ ਜਾਰੀ ਕਰਕੇ ਪੰਜ ਦਿਨਾਂ ਵਿੱਚ ਜਵਾਬ ਮੰਗਿਆ ਹੈ। ਨੋਟਿਸ ਦੀ ਕਾਪੀ ਪੰਜਾਬ ਦੇ ਮੁੱਖ ਸਕੱਤਰ ਨੂੰ ਵੀ ਭੇਜੀ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਅਨੁਸਾਰ ਜਲੰਧਰ ਦਾ AQI 158, ਅੰਮ੍ਰਿਤਸਰ ਦਾ 123, ਮੰਡੀ ਗੋਬਿੰਦਗੜ੍ਹ ਦਾ 153 ਅਤੇ ਖੰਨਾ ਦਾ 94 ਦਰਜ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਧੀਆਂ ਹਨ, ਜਿਸ ਦਾ ਅਸਰ ਹਵਾ ਦੀ ਗੁਣਵੱਤਾ ‘ਤੇ ਪੈ ਰਿਹਾ ਹੈ।
ਅਧਿਕਾਰੀਆਂ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਕਮਿਸ਼ਨ
ਕਮਿਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਡੀਸੀ ਅਤੇ ਐੱਸਐੱਸਪੀ ਤੇ ਤਰਨਤਾਰਨ ਦੇ ਐੱਸਐੱਸਪੀ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਅਧਿਕਾਰੀਆਂ ਦੇ ਜਵਾਬ ਤੋਂ ਸੰਤੁਸ਼ਟ ਨਾ ਹੋਣ ਕਾਰਨ ਕਮਿਸ਼ਨ ਨੇ ਮੁੜ ਜਵਾਬ ਮੰਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਹਦਾਇਤਾਂ ਦੇ ਬਾਵਜੂਦ ਦੋਵਾਂ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਸਾਲ ਦੇ ਮੁਕਾਬਲੇ ਇਨ੍ਹਾਂ ਮਾਮਲਿਆਂ ਵਿੱਚ ਵਾਧਾ ਚਿੰਤਾਜਨਕ ਹੈ। ਕਮਿਸ਼ਨ ਨੇ ਅਧਿਕਾਰੀਆਂ ਤੋਂ ਪੁੱਛਿਆ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ।
ਸੰਤੋਸ਼ਜਨਕ ਜਵਾਬ ਨਾ ਮਿਲਣ ‘ਤੇ ਹੋਵੇਗੀ ਸਖ਼ਤ ਕਾਰਵਾਈ
ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਅਧਿਕਾਰੀਆਂ ਵੱਲੋਂ ਸੰਤੋਸ਼ਜਨਕ ਜਵਾਬ ਨਾ ਦਿੱਤਾ ਗਿਆ ਤਾਂ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਕਮਿਸ਼ਨ ਦੀ ਟੀਮ ਪੰਜਾਬ ਆ ਕੇ ਦੋਵਾਂ ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕਰ ਚੁੱਕੀ ਹੈ। ਇਸ ਦੌਰਾਨ ਜ਼ਮੀਨੀ ਪੱਧਰ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ ਗਈ ਸੀ।
ਹਰਿਆਣਾ ਦੇ ਸ਼ਹਿਰਾਂ ਵਿੱਚ ਵੀ ਹਵਾ ਦੀ ਗੁਣਵੱਤਾ ਖਰਾਬ
ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਕਈ ਪ੍ਰਮੁੱਖ ਸ਼ਹਿਰਾਂ ਵਿੱਚ ਵੀ ਹਵਾ ਦੀ ਗੁਣਵੱਤਾ ਚਿੰਤਾਜਨਕ ਬਣੀ ਹੋਈ ਹੈ। ਅੰਬਾਲਾ ਦਾ AQI 285, ਗੁਰੂਗ੍ਰਾਮ ਦਾ 246 ਅਤੇ ਕੁਰੂਕਸ਼ੇਤਰ ਦਾ 258 ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮਾਨੇਸਰ ਵਿੱਚ 211, ਯਮੁਨਾਨਗਰ ਵਿੱਚ 208, ਰੋਹਤਕ ਵਿੱਚ 174, ਚਰਖੀ ਦਾਦਰੀ ਵਿੱਚ 178, ਫਰੀਦਾਬਾਦ ਵਿੱਚ 115 ਅਤੇ ਭਿਵਾਨੀ ਵਿੱਚ 112 AQI ਦਰਜ ਕੀਤਾ ਗਿਆ।