ਪੁਲਿਸ ਤਸ਼ੱਦਦ ਮਾਮਲਾ: ਰਾਹੁਲ ਗਾਂਧੀ ਨੇ ਹਸਪਤਾਲ ’ਚ ਦਾਖ਼ਲ ਮੋਹਣਜੀਤ ਸਿੰਘ ਨਾਲ ਕੀਤੀ ਫੋਨ ’ਤੇ ਗੱਲ
- ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
Rahul Gandhi speakes on phone with Mohanjit Singh: ਸੰਗਰੂਰ: ਸੰਗਰੂਰ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਮੋਹਣਜੀਤ ਸਿੰਘ ਸਿੱਧੂ ਨਾਲ ਪੁਲੀਸ ਹਿਰਾਸਤ ਵਿੱਚ ਕਥਿਤ ਵਧੀਕੀ ਦਾ ਮਾਮਲਾ ਸਿਆਸੀ ਤੌਰ ’ਤੇ ਗਰਮਾ ਗਿਆ ਹੈ। ਹਸਪਤਾਲ ਵਿੱਚ ਜ਼ੇਰੇ ਇਲਾਜ ਮੋਹਣਜੀਤ ਸਿੰਘ ਨਾਲ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਫੋਨ ’ਤੇ ਗੱਲਬਾਤ ਕਰਕੇ ਘਟਨਾ ਬਾਰੇ ਜਾਣਕਾਰੀ ਲਈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੋਹਣਜੀਤ ਸਿੰਘ ਨੂੰ ਮਿਲਣ ਲਈ ਸੰਗਰੂਰ ਹਸਪਤਾਲ ਪਹੁੰਚੇ ਸਨ। ਇਸੇ ਦੌਰਾਨ ਉਨ੍ਹਾਂ ਨੇ ਮੋਹਣਜੀਤ ਦੀ ਗੱਲ ਰਾਹੁਲ ਗਾਂਧੀ ਨਾਲ ਕਰਵਾਈ। ਰਾਹੁਲ ਗਾਂਧੀ ਨੇ ਮੋਹਣਜੀਤ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਸੱਚ ਲਈ ਆਵਾਜ਼ ਉਠਾਉਣ ਦੇ ਹੌਸਲੇ ਦੀ ਸ਼ਲਾਘਾ ਕੀਤੀ। ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਨੂੰ ਵੀ ਹਦਾਇਤ ਕੀਤੀ ਕਿ ਮਾਮਲੇ ਵਿੱਚ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇ।
2 ਸਤੰਬਰ ਨੂੰ ਪੁਲੀਸ ’ਤੇ ਤਸ਼ੱਦਦ ਦੇ ਦੋਸ਼
ਸੁਨਾਮ ਦੇ ਪਿੰਡ ਸ਼ੇਰੋਂ ਦੇ ਰਹਿਣ ਵਾਲੇ ਮੋਹਣਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ 2 ਸਤੰਬਰ ਨੂੰ ਮੁੱਖ ਮੰਤਰੀ ਦੀ ‘ਲੋਕ ਮਿਲਣੀ’ ਦੌਰਾਨ ਪੁਲੀਸ ਨੇ ਉਸਨੂੰ ਹਿਰਾਸਤ ਵਿੱਚ ਲੈ ਕੇ ਕਥਿਤ ਤੌਰ ’ਤੇ ਤਸ਼ੱਦਦ ਕੀਤਾ। ਇਸ ਤੋਂ ਬਾਅਦ ਉਸਦੀ ਸਿਹਤ ਵਿਗੜ ਗਈ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ’ਤੇ ਲਗਾਤਾਰ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਕਾਂਗਰਸ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਦੀ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ।
ਸਰਕਾਰ ਨੇ ਕੀਤੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ
ਮਾਮਲੇ ’ਤੇ ਵਧਦੇ ਸਿਆਸੀ ਦਬਾਅ ਵਿਚਕਾਰ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਡੀਐੱਸਪੀ ਦਾ ਤਬਾਦਲਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਤਿੰਨ ਪੁਲੀਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਹੁਣ ਵਿਰੋਧੀ ਧਿਰ ਵੱਲੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
