ਪੰਜਾਬ ਵਿੱਚ ਮੀਂਹ ਕਰ ਕੇ ਫ਼ਸਲਾਂ ਵਿਛੀਆਂ
ਉੱਤਰ ਭਾਰਤ ਵਿੱਚ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਅਤੇ ਪਹਾੜਾਂ ਵਿੱਚ ਹੋ ਰਹੀ ਬਰਫ਼ਬਾਰੀ ਕਰ ਕੇ ਪੰਜਾਬ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਦੌਰਾਨ ਤਾਪਮਾਨ ਵਿੱਚ 10 ਡਿਗਰੀ ਸੈਲਸੀਅਸ ਤੱਕ ਦਾ ਨਿਘਾਰ ਦਰਜ ਕੀਤਾ ਗਿਆ ਹੈ, ਜਿਸ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ ਹੈ। ਪੰਜਾਬ ਵਿੱਚ ਮੀਂਹ ਕਾਰਨ ਮਾਰਚ ਮਹੀਨੇ ’ਚ ਵੀ ਜਨਵਰੀ ਵਰਗੀ ਠੰਢ ਹੋ ਗਈ ਹੈ। ਉੱਧਰ, ਮੀਂਹ ਕਾਰਨ ਸੂਬੇ ਵਿੱਚ ਕਈ ਥਾਵਾਂ ’ਤੇ ਕਣਕ ਦੀ ਫ਼ਸਲ ਵਿਛ ਗਈ ਹੈ, ਜਿਸ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿੱਚ 22, 23, 25 ਤੇ 26 ਮਾਰਚ ਨੂੰ ਮੁੜ ਕਈ ਥਾਈਂ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਫ਼ਸਲਾਂ ਪੱਕਣ ਕੰਢੇ ਪਹੁੰਚ ਗਈਆਂ ਹਨ, ਜੇ ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ ਚੱਲਦੀਆਂ ਹਨ ਤਾਂ ਕਣਕ ਦੀ ਫਸਲ ਦਾ ਵਧੇਰੇ ਨੁਕਸਾਨ ਹੋ ਸਕਦਾ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 18 ਮਿਲੀਮੀਟਰ, ਅੰਮ੍ਰਿਤਸਰ ਵਿੱਚ 9.4, ਲੁਧਿਆਣਾ ਵਿੱਚ 1.6, ਪਟਿਆਲਾ ਵਿੱਚ 5.6, ਬਠਿੰਡਾ ਵਿੱਚ 4, ਫ਼ਰੀਦਕੋਟ ਵਿੱਚ 6, ਗੁਰਦਾਸਪੁਰ ਵਿੱਚ 7, ਨਵਾਂ ਸ਼ਹਿਰ ਵਿੱਚ 13.8, ਫਾਜ਼ਿਲਕਾ ਵਿੱਚ 2.5, ਮੁਹਾਲੀ ਵਿੱਚ 9.5, ਪਠਾਨਕੋਟ ਵਿੱਚ 12.5 ਅਤੇ ਰੂਪਨਗਰ ਵਿੱਚ 44 ਐੱਮ ਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਦਿਨ ਵੇਲੇ ਸੂਬੇ ਵਿੱਚ ਚੰਡੀਗੜ੍ਹ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 18.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 10.1 ਡਿਗਰੀ ਸੈਲਸੀਅਸ ਘੱਟ ਹੈ।
ਬਿਜਲੀ ਦੀ ਮੰਗ ਘਟੀ
ਪੰਜਾਬ ਵਿੱਚ ਮਾਰਚ ਮਹੀਨੇ ਦੇ ਪਹਿਲੇ ਹਫ਼ਤੇ ਗਰਮੀ ਪੈਣ ਕਰ ਕੇ ਬਿਜਲੀ ਦੀ ਮੰਗ ਵਧ ਗਈ ਸੀ, ਜੋ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈਣ ਕਰ ਕੇ ਘਟ ਗਈ ਹੈ। ਅੱਜ ਪੰਜਾਬ ਵਿੱਚ ਬਿਜਲੀ ਦੀ ਵੱਧ ਤੋਂ ਵੱਧ ਮੰਗ 7500 ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ, ਜੋ ਕਿ ਘੱਟੋ-ਘੱਟ 6 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ।
ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਦੇ ਹੁਕਮ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਦੇਸ਼ ਦੀ ਖੇਤੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਸੂਬਾ ਸਰਕਾਰਾਂ ਨਾਲ ਤਾਲਮੇਲ ਕਰ ਕੇ ਫਸਲਾਂ ਨੂੰ ਹੋਏ ਨੁਕਸਾਨ ਦੀ ਗਿਰਦਾਵਰੀ ਕਰਨ। ਉਨ੍ਹਾਂ ਕਈ ਰਾਜਾਂ ’ਚ ਮੀਂਹ ਤੇ ਗੜਿਆਂ ਕਾਰਨ ਕਣਕ ਸਣੇ ਹਾੜ੍ਹੀ ਦੀਆਂ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਇਹ ਨਿਰਦੇਸ਼ ਦਿੱਤਾ ਹੈ।