ਲੁਧਿਆਣਾ, 10 ਸਤੰਬਰ 2025: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਸਰਾਲੀ ਕਲੋਨੀ ਦਾ ਦੌਰਾ ਕੀਤਾ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਇਲਾਕੇ ਵਿੱਚ ਵੱਡੀ ਮਾਤਰਾ ਵਿੱਚ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਵੜਿੰਗ ਨੇ ਇਲਾਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਇਸ ਨੁਕਸਾਨ ਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਮੇਂ ਸਿਰ ਦਰਿਆ ਦੇ ਕਿਨਾਰਿਆਂ ਦੀ ਸੁਰੱਖਿਆ ਅਤੇ ਰੱਖ-ਰਖਾਅ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ, ਜਿਸ ਕਾਰਨ ਸਥਿਤੀ ਹੋਰ ਵੀ ਵਿਗੜ ਗਈ।
ਰਾਜਾ ਵੜਿੰਗ ਨੇ ਆਲੋਚਨਾ ਕੀਤੀ ਅਤੇ ਕਿਹਾ ਕਿ ਹੜ੍ਹਾਂ ਦੌਰਾਨ ਜਦੋਂ ਲੋਕ ਮੁਸੀਬਤ ਵਿੱਚ ਸਨ, ਤਾਂ ਮੁੱਖ ਮੰਤਰੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਸਰਕਾਰ ਕਿਤੇ ਵੀ ਦਿਖਾਈ ਨਹੀਂ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੋ ਗਈ ਹੈ ਕਿ ਲੋਕ ਆਪਣੇ ਘਰ ਅਤੇ ਖੇਤ ਗੁਆ ਰਹੇ ਹਨ, ਪਰ ਸਰਕਾਰ ਦੀ ਚੁੱਪੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੇ ਮੁਆਵਜ਼ੇ ‘ਤੇ ਸਵਾਲੀਆ ਨਿਸ਼ਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਮੁਆਵਜ਼ੇ ਨੂੰ “ਕਾਫ਼ੀ ਨਹੀਂ” ਦੱਸਦੇ ਹੋਏ, ਰਾਜਾ ਵੜਿੰਗ ਨੇ ਕਿਹਾ ਕਿ ਪੂਰੇ ਸੂਬੇ ਦੇ ਨੁਕਸਾਨ ਨੂੰ ਦੇਖਦੇ ਹੋਏ ਇਹ ਰਕਮ ਬਿਲਕੁਲ ਵੀ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਹਾਲਤ ਵਿੱਚ ਕਿਸਾਨਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।
ਡਾ. ਅਮਰ ਸਿੰਘ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ
ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਮੌਜੂਦ ਸਨਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਈ ਮਹੀਨਿਆਂ ਤੋਂ ਸਰਕਾਰ ਨੂੰ ਹੜ੍ਹਾਂ ਦੇ ਖ਼ਤਰੇ ਬਾਰੇ ਚਿਤਾਵਨੀ ਦਿੱਤੀ ਜਾ ਰਹੀ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੌਜੂਦਾ ਹਾਲਾਤਾਂ ਲਈ ਲਾਪਰਵਾਹ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਵੀ ਨਾਜਾਇਜ਼ ਮਾਈਨਿੰਗ ਨੂੰ ਸਤਲੁਜ ਦੇ ਵਹਾਅ ਵਧਣ ਦਾ ਮੁੱਖ ਕਾਰਨ ਦੱਸਿਆ।