Farmer Leader Balbir Singh Rajewal; ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਜਥੇਬੰਦੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਬਲਾਕ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਲੈਂਡ ਪੋਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਨਾ ਕੀਤਾ ਤਾਂ ਇਕ ਵੱਡਾ ਸੰਘਰਸ਼ ਛੇਤੀ ਉਲੀਕਿਆ ਜਾਵੇਗਾ। ਇਸ ਸੰਬੰਧੀ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ 6 ਜੁਲਾਈ ਨੂੰ ਕਿਸਾਨ ਭਵਨ ਵਿਖੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
ਇਸ ਦੌਰਾਨ ਰਾਜੇਵਾਲ ਨੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨਾਲ ਖੜੇ ਹੋਣ ਦਾ ਵਿਸ਼ਵਾਸ ਵੀ ਦਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦਿਲਜੀਤ ਦੁਸਾਂਝ ਨਾਲ ਹਰ ਪੱਖ ਤੋਂ ਉਨ੍ਹਾਂ ਦਾ ਸਾਥ ਦੇਣਗੀਆਂ।