MP ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ: ਬਿਮਾਰ ਦਾਦੀ ਨਾਲ ਕਰ ਸਕਣਗੇ ਵੀਡੀਓ ਕਾਲ
Relief for MP Amritpal Singh: ਖਡੂਰ ਸਾਹਿਬ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ ਬਿਮਾਰ ਦਾਦੀ ਅਤੇ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੇ 5 ਦਿਨਾਂ ਦੇ ਅੰਦਰ ਉਨ੍ਹਾਂ ਦੀ ਪਰਿਵਾਰ ਨਾਲ 10 ਮਿੰਟ ਦੀ ਵੀਡੀਓ ਕਾਲ ਕਰਵਾਈ ਜਾਵੇਗੀ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਿਤੂਰਾਜ ਸੰਧੂ ਨੇ ਦੱਸਿਆ ਕਿ ਇਹ ਰਾਹਤ ਐੱਫਆਈਆਰ ਨੰਬਰ 39 ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਮਿਲੀ। ਉਨ੍ਹਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੇ ਦਾਦੀ ਦੀ ਗੰਭੀਰ ਸਿਹਤ ਨੂੰ ਦੇਖਦਿਆਂ ਉਨ੍ਹਾਂ ਨਾਲ ਮੁਲਾਕਾਤ ਦੀ ਇਜਾਜ਼ਤ ਮੰਗੀ ਸੀ।
ਵਕੀਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਦਾਦੀ ਹਸਪਤਾਲ ਵਿੱਚ ਦਾਖ਼ਲ ਸਨ, ਹਾਲਾਂਕਿ ਹੁਣ ਉਨ੍ਹਾਂ ਨੂੰ ਛੁੱਟੀ ਮਿਲ ਚੁੱਕੀ ਹੈ। ਇਸ ਤੋਂ ਬਾਅਦ ਅਦਾਲਤ ਨੇ ਨਿੱਜੀ ਮੁਲਾਕਾਤ ਦੀ ਬਜਾਏ ਵੀਡੀਓ ਕਾਲ ਦੀ ਇਜਾਜ਼ਤ ਦਿੱਤੀ। ਕਾਲ ਦੀ ਤਾਰੀਖ ਅਤੇ ਸਮਾਂ ਸੂਬਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਤੈਅ ਕੀਤਾ ਜਾਵੇਗਾ।
ਅੰਤਰਿਮ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ
ਵਕੀਲ ਰਿਤੂਰਾਜ ਸੰਧੂ ਮੁਤਾਬਕ, ਅੰਮ੍ਰਿਤਪਾਲ ਸਿੰਘ ਦੀ ਬਿਮਾਰ ਦਾਦੀ ਨੂੰ ਮਿਲਣ ਲਈ ਅੰਤਰਿਮ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਸ ਵਿੱਚ ਸਬੂਤਾਂ ਦੀ ਜਾਂਚ ਅਤੇ ਗਵਾਹਾਂ ਦੀ ਜਿਰਹ ਦੀ ਪ੍ਰਕਿਰਿਆ ਜਾਰੀ ਹੈ।
ਇਸ ਦੌਰਾਨ ਵਕੀਲ ਨੇ ਸੂਬਾ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰੀ ਦਬਾਅ ਅਤੇ ਡਰ ਕਾਰਨ ਅੰਮ੍ਰਿਤਪਾਲ ਸਿੰਘ ਨੂੰ ਨਿੱਜੀ ਅਤੇ ਸਿਆਸੀ ਪੱਧਰ ’ਤੇ ਰਾਹਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਨੂੰ ਰਜਿਸਟਰ ਕਰਨ ਅਤੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਉਣ ਦੀ ਇਜਾਜ਼ਤ ਦੇਣ ਵਿੱਚ ਵੀ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਇਹ ਦੋਸ਼ ਵਕੀਲ ਵੱਲੋਂ ਲਗਾਏ ਗਏ ਹਨ।
