‘ਸਤਲੁਜ’ ਫਿਲਮ ਨੂੰ ਹਟਾਉਣਾ ਪੰਜਾਬ ਦੇ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼, ਆਪ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ
Satluj Film Ban Controversy; ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਹਟਾਏ ਜਾਣ ਦੇ ਮਾਮਲੇ ‘ਤੇ ਕੇਂਦਰ ਸਰਕਾਰ, ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਇਤਿਹਾਸ ਅਤੇ 1980-90 ਦੇ ਦਹਾਕੇ ਦੇ ਦਰਦ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਲਈ ਲੜਨ ਵਾਲੇ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਬਣੀ ਫਿਲਮ ਨੂੰ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਗਿਆ ਅਤੇ ਹੁਣ ਓਟੀਟੀ ਪਲੇਟਫਾਰਮ ਤੋਂ ਵੀ ਹਟਾ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਵਿਅਕਤੀ ਦੀ ਕਹਾਣੀ ਲੋਕਾਂ ਤੱਕ ਪਹੁੰਚਣ ਤੋਂ ਕਿਉਂ ਰੋਕੀ ਜਾ ਰਹੀ ਹੈ।
ਆਪ ਆਗੂ ਨੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਨਾਲ ਜੁੜੇ ਸੱਚ ਨੂੰ ਸਾਹਮਣੇ ਆਉਣ ਤੋਂ ਰੋਕਣ ਲਈ ਇਹ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਤਿੰਨੇ ਹੀ ਇਸ ਮਾਮਲੇ ਵਿੱਚ ਆਪਣੀ-ਆਪਣੀ ਜ਼ਿੰਮੇਵਾਰੀ ਤੋਂ ਬਚਣਾ ਚਾਹੁੰਦੇ ਹਨ। ਧਾਲੀਵਾਲ ਨੇ ਦਾਅਵਾ ਕੀਤਾ ਕਿ ਉਸ ਦੌਰ ਦੌਰਾਨ ਹੋਏ ਕਥਿਤ ਜ਼ੁਲਮਾਂ ਨੂੰ ਇਤਿਹਾਸ ਵਿੱਚੋਂ ਮਿਟਾਇਆ ਨਹੀਂ ਜਾ ਸਕਦਾ।
ਧਾਲੀਵਾਲ ਨੇ ਖਾਲੜਾ ਪਰਿਵਾਰ ਵੱਲੋਂ ਹਾਲ ਹੀ ਵਿੱਚ ਸਾਹਮਣੇ ਆਏ ਬਿਆਨਾਂ ਦਾ ਹਵਾਲਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਖ਼ਾਸ ਕਰਕੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਨੇ ਉਸ ਸਮੇਂ ਕਥਿਤ ਤੌਰ ‘ਤੇ ਵਿਵਾਦਾਂ ਵਿੱਚ ਰਹੇ ਕੁਝ ਪੁਲਿਸ ਅਧਿਕਾਰੀਆਂ ਨੂੰ ਅਹੁਦੇ ਅਤੇ ਸਿਆਸੀ ਸੁਰੱਖਿਆ ਦਿੱਤੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਸਤਲੁਜ’ ਫਿਲਮ ਦੀ ਟੀਮ, ਅਦਾਕਾਰ ਦਿਲਜੀਤ ਦੋਸਾਂਝ ਅਤੇ ਨਿਰਮਾਤਾਵਾਂ ਦੇ ਨਾਲ ਖੜ੍ਹੀ ਹੈ ਅਤੇ ਜੇਕਰ ਫਿਲਮ ਨੂੰ ਮੁੜ ਰਿਲੀਜ਼ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਜਾਂ ਕਾਨੂੰਨੀ ਲੜਾਈ ਦੀ ਲੋੜ ਪਈ ਤਾਂ ਪਾਰਟੀ ਹਰ ਸੰਭਵ ਸਹਿਯੋਗ ਦੇਵੇਗੀ। ਧਾਲੀਵਾਲ ਨੇ ਇਹ ਵੀ ਕਿਹਾ ਕਿ ਕਿਸੇ ਵੀ ਕਲਾਕਾਰ ਦੀ ਰਚਨਾ ‘ਤੇ ਪਾਬੰਦੀ ਲਗਾਉਣਾ ਲੋਕਤੰਤਰ ਅਤੇ ਅਭਿਵਿਕਤੀ ਦੀ ਆਜ਼ਾਦੀ ‘ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਫਿਲਮ ਜਾਂ ਕਿਤਾਬ ਇਤਿਹਾਸ ਦੇ ਤੱਥਾਂ ਨੂੰ ਸਾਹਮਣੇ ਲਿਆਉਂਦੀ ਹੈ ਤਾਂ ਉਸ ਨੂੰ ਰੋਕਣ ਦੀ ਬਜਾਏ ਲੋਕਾਂ ਨੂੰ ਸੱਚ ਜਾਣਨ ਦਾ ਮੌਕਾ ਮਿਲਣਾ ਚਾਹੀਦਾ ਹੈ।