PM ਨਿਵਾਸ ਬਾਹਰ ਹੰਗਾਮਾ, ਪੰਜਾਬ ਕਾਂਗਰਸੀ ਆਗੂ ਹਿਰਾਸਤ ‘ਚ
PM House Congress Protest; ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੱਲ ਰਹੇ ਧਰਨੇ ਦੌਰਾਨ ਪੰਜਾਬ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਰਾਹੁਲ ਗਾਂਧੀ ਦੇ ਨਾਲ ਧਰਨੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਵੀ ਸ਼ਾਮਲ ਹੋਏ।
ਵਿਦਿਆਰਥੀਆਂ ਦੇ ਮੁੱਦਿਆਂ ਨੂੰ ਲੈ ਕੇ ਸੀ ਪ੍ਰਦਰਸ਼ਨ
ਇਹ ਧਰਨਾ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ, ਖ਼ਾਸ ਕਰਕੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦਿੱਤਾ ਜਾ ਰਿਹਾ ਸੀ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ।
ਰੰਧਾਵਾ ਨੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨੀਟ ਪੇਪਰ ਲੀਕ ਕਾਰਨ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ ਤਾਂ ਸਰਕਾਰ ਨੂੰ ਇਹ ਮੰਗ ਮੰਨਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਸਿੱਖਿਆ ਪ੍ਰਣਾਲੀ ਨੂੰ ਸੁਧਾਰੇ।
‘ਸਰਕਾਰ ਵਿਦਿਆਰਥੀਆਂ ਨਾਲ ਗੱਲ ਨਹੀਂ ਕਰ ਰਹੀ’ — ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਗ੍ਰਹਿ ਮੰਤਰੀ ਜਾਂ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਣੀ ਚਾਹੀਦੀ ਸੀ, ਨਾ ਕਿ ਕਿਸੇ ਹੋਰ ਮੰਤਰੀ ਨਾਲ।
ਕੁਝ ਕਿਲੋਮੀਟਰ ਦੂਰ ਛੱਡਿਆ
ਦਿੱਲੀ ਪੁਲਿਸ ਨੇ ਧਰਨੇ ਵਾਲੀ ਥਾਂ ਤੋਂ ਹਿਰਾਸਤ ਵਿੱਚ ਲਏ ਗਏ ਸੰਸਦ ਮੈਂਬਰਾਂ ਨੂੰ ਕੁਝ ਕਿਲੋਮੀਟਰ ਦੂਰ ਲੈ ਜਾ ਕੇ ਰਿਹਾਅ ਕਰ ਦਿੱਤਾ। ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਉੱਥੋਂ ਚੁੱਕ ਕੇ ਲੈ ਗਈ। ਉਨ੍ਹਾਂ ਕਿਹਾ ਕਿ ਜੇਕਰ ਚੁਣੇ ਹੋਏ ਨੁਮਾਇੰਦਿਆਂ ਨਾਲ ਅਜਿਹਾ ਵਿਵਹਾਰ ਹੋ ਸਕਦਾ ਹੈ ਤਾਂ ਵਿਦਿਆਰਥੀਆਂ ਨਾਲ ਕਿਵੇਂ ਵਰਤਾਅ ਕੀਤਾ ਗਿਆ ਹੋਵੇਗਾ।
