ਪੰਜਾਬ ‘ਚ ਸਫਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, 24 ਘੰਟਿਆਂ ‘ਚ ਸ਼ਹਿਰ ਹੋਣਗੇ ਸਾਫ਼
Punjab Safai Sewak Strike; ਪੰਜਾਬ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਮੁਲਾਜ਼ਮਾਂ ਦੀ ਕਰੀਬ ਤਿੰਨ ਹਫ਼ਤਿਆਂ ਤੋਂ ਚੱਲ ਰਹੀ ਹੜਤਾਲ ਖ਼ਤਮ ਹੋ ਗਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਅਗਲੇ 24 ਘੰਟਿਆਂ ਵਿੱਚ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਸਫਾਈ ਵਿਵਸਥਾ ਮੁੜ ਪੂਰੀ ਤਰ੍ਹਾਂ ਬਹਾਲ ਕਰ ਦਿੱਤੀ ਜਾਵੇਗੀ। ਸਫਾਈ ਮੁਲਾਜ਼ਮਾਂ ਨੇ ਵੀ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਜਲਦ ਤੋਂ ਜਲਦ ਸਾਰੇ ਇਲਾਕਿਆਂ ਦੀ ਸਫਾਈ ਮੁਕੰਮਲ ਕਰਨਗੇ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਮੰਨਦਿਆਂ ਕਈ ਅਹਿਮ ਫ਼ੈਸਲੇ ਲਏ ਹਨ।
ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ
- ਸਫਾਈ ਮੁਲਾਜ਼ਮਾਂ ਦੀ ਤਨਖ਼ਾਹ 10 ਹਜ਼ਾਰ ਰੁਪਏ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ ਗਈ।
- ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਆਊਟਸੋਰਸ ਮੁਲਾਜ਼ਮਾਂ ਨੂੰ ਇਨ-ਸੋਰਸ ਕੀਤਾ ਜਾਵੇਗਾ।
- ਸਾਲ 2021 ਵਿੱਚ ਇਨ-ਸੋਰਸ ਹੋਏ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ।
- ਓਵਰਏਜ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਹੈ।
- ਤਨਖ਼ਾਹ ਵਿੱਚ ਵਾਧਾ 1 ਅਗਸਤ ਤੋਂ ਲਾਗੂ ਮੰਨਿਆ ਜਾਵੇਗਾ।
ਯੁੱਧ ਪੱਧਰ ‘ਤੇ ਸਫਾਈ ਮੁਹਿੰਮ ਸ਼ੁਰੂ
ਲਗਭਗ ਤਿੰਨ ਹਫ਼ਤਿਆਂ ਦੀ ਹੜਤਾਲ ਕਾਰਨ ਪੰਜਾਬ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਕੂੜੇ ਦੇ ਢੇਰ ਲੱਗ ਗਏ ਸਨ। ਸੀਵਰਮੈਨਾਂ ਦੀ ਹੜਤਾਲ ਕਾਰਨ ਕਈ ਇਲਾਕਿਆਂ ਵਿੱਚ ਸੀਵਰ ਜਾਮ ਹੋ ਗਏ, ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਈ ਅਤੇ ਮਾਨਸੂਨ ਦੌਰਾਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਵੱਧ ਗਿਆ ਸੀ।
ਹੁਣ ਸਰਕਾਰ ਅਤੇ ਸਫਾਈ ਮੁਲਾਜ਼ਮ ਯੂਨੀਅਨਾਂ ਵਿਚਾਲੇ ਸਹਿਮਤੀ ਬਣਨ ਤੋਂ ਬਾਅਦ ਹੜਤਾਲ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਨਗਰ ਨਿਗਮਾਂ ਨੇ ਜੇਸੀਬੀ ਮਸ਼ੀਨਾਂ ਅਤੇ ਸਫਾਈ ਕਰਮਚਾਰੀਆਂ ਦੀ ਮਦਦ ਨਾਲ ਯੁੱਧ ਪੱਧਰ ‘ਤੇ ਸਫਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਸ਼ਹਿਰਾਂ ਵਿੱਚ ਸਫਾਈ ਵਿਵਸਥਾ ਆਮ ਹਾਲਤ ਵਿੱਚ ਲਿਆਂਦੀ ਜਾ ਸਕੇ।
