ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ, ਅੱਜ ਵੀ ਭਾਰੀ ਹੰਗਾਮੇ ਦੀ ਸੰਭਾਵਨਾ
Second day of monsoon session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਸਰਕਾਰ ਨੂੰ ਘੇਰਦਿਆਂ ਜਵਾਬਦੇਹੀ ਦੀ ਮੰਗ ਕੀਤੀ।
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਖੁਦ NEET ਪੇਪਰ ਲੀਕ ਦੇ ਵਿਰੋਧ ਵਿੱਚ ਜੰਤਰ-ਮੰਤਰ ‘ਤੇ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਪੇਪਰ ਲੀਕ ਦੀਆਂ ਛੇ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ ਪੰਜ ਮਾਮਲੇ ਸਿੱਖਿਆ ਵਿਭਾਗ ਅਤੇ ਇੱਕ ਸਿਹਤ ਵਿਭਾਗ ਨਾਲ ਜੁੜਿਆ ਹੋਇਆ ਹੈ।
ਬਾਜਵਾ ਨੇ ਸਰਕਾਰ ਤੋਂ ਸਵਾਲ ਕੀਤਾ ਕਿ ਕੀ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜਾਂ ਸਿਹਤ ਮੰਤਰੀ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣਗੇ। ਇਸ ਮੁੱਦੇ ‘ਤੇ ਸਦਨ ਵਿੱਚ ਤਿੱਖੀ ਨੋਕਝੋਕ ਦੇਖਣ ਨੂੰ ਮਿਲੀ ਅਤੇ ਵਿਰੋਧੀ ਧਿਰ ਨੇ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਮੰਗ ਦੁਹਰਾਈ।
ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਨਿੰਦਾ ਮਤੇ ‘ਤੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਨੂੰ ਵਿਸ਼ਵਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਵਿੱਚ ਆਪਣੀ ਨਾਕਾਮੀ ਨਾਲ ਸਿੱਖਿਆ ਪ੍ਰਣਾਲੀ ਦਾ ਮਜ਼ਾਕ ਬਣਾ ਦਿੱਤਾ ਹੈ। ਪੇਪਰ ਲੀਕ ਜਾਂ ਦੂਜੇ ਸ਼ਬਦਾਂ ਵਿੱਚ ਪ੍ਰੀਖਿਆ ਪੱਤਰ ਦੀ ਵਿਕਰੀ, ਪ੍ਰੀਖਿਆਰਥੀਆਂ ਦੇ ਸੁਪਨਿਆਂ ਨੂੰ ਤੋੜ ਦਿੰਦੀ ਹੈ। ਇਸ ਦਾ ਪ੍ਰਤੱਖ ਪ੍ਰਮਾਣ ਇਹ ਹੈ ਕਿ ਨੀਟ ਪ੍ਰੀਖਿਆ ਦੇ 22 ਉਮੀਦਵਾਰਾਂ ਨੇ ਨਿਰਾਸ਼ਾ ਵਿੱਚ ਖ਼ੁਦਕੁਸ਼ੀ ਤੱਕ ਕਰ ਲਈ। ਉਨ੍ਹਾਂ ਕਿਹਾ ਕਿ ਜਦੋਂ ਤੋਂ (ਸਾਲ 2014) ਭਾਜਪਾ ਸਰਕਾਰ ਨੇ ਸੱਤਾ ਸੰਭਾਲੀ ਹੈ, ਦੇਸ਼ ਵਿੱਚ 93 ਪੇਪਰ ਲੀਕ ਹੋ ਚੁੱਕੇ ਹਨ।”
