Fazilka News: ਤਰੁਨਪ੍ਰੀਤ ਸਿੰਘ ਨੇ ਕਿਹਾ ਕਿ ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਕੈਟਲ ਫੀਡ ਤਕਸੀਮ ਕੀਤੀ ਗਈ ਹੈ।
Punjab Flood: ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜਿਲੇ ਦੇ ਦੌਰੇ ਦੇ ਦੂਜੇ ਦਿਨ ਜਿਲਾ ਪ੍ਰਸ਼ਾਸਨ ਨਾਲ ਹੜ ਰਾਹਤ ਪ੍ਰਬੰਧਾਂ ਦੀ ਸਮੀਖਿਆ ਤੋਂ ਬਾਅਦ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲੇ ਵਿੱਚ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਣ ਦਾ ਪਹਿਲਾ ਰਾਊਂਡ ਪੂਰਾ ਕਰ ਲਿਆ ਗਿਆ ਹੈ ਅਤੇ ਹੁਣ ਦੂਜੇ ਰਾਊਂਡ ਵਿੱਚ ਮੁੜ ਤੋਂ ਉਨ੍ਹਾਂ ਪਰਿਵਾਰਾਂ ਤੱਕ ਰਾਸ਼ਨ ਕਿੱਟਾਂ ਭੇਜੀਆਂ ਜਾਣਗੀਆਂ। ਉਨ੍ਹਾਂ ਨੇ ਆਖਿਆ ਕਿ ਪਹਿਲੇ ਰਾਊਂਡ ਵਿੱਚ 3835 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਕੈਟਲ ਫੀਡ ਤਕਸੀਮ ਕੀਤੀ ਗਈ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਜ਼ਿਲੇ ਦੇ 20 ਪਿੰਡ ਹੜਾਂ ਨਾਲ ਪ੍ਰਭਾਵਿਤ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਪਿੰਡਾਂ ਡੀ 13,289 ਆਬਾਦੀ ਪ੍ਰਭਾਵਿਤ ਹੈ ਅਤੇ 8383 ਜਾਨਵਰ ਇਹਨਾਂ ਪਿੰਡਾਂ ਦੇ ਲੋਕਾਂ ਕੋਲ ਸਨ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਐਨਡੀਆਰਐਫ ਅਤੇ ਆਰਮੀ ਦੀਆਂ ਹੜ ਰਾਹਤ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਹੁਣ ਜ਼ਿਲ੍ਹੇ ਵਿੱਚ ਐਨਡੀਆਰਐਫ ਦੀ ਇੱਕ ਹੋਰ ਟੀਮ ਤਾਇਨਾਤ ਕੀਤੀ ਜਾ ਰਹੀ ਹੈ। ਇਸ ਨਾਲ ਜ਼ਿਲ੍ਹੇ ‘ਚ ਰਾਹਤ ਕਾਰਜਾਂ ਵਿੱਚ ਲੱਗੀਆਂ ਕਿਸ਼ਤੀਆਂ ਦੀ ਗਿਣਤੀ ਵੱਧ ਕੇ 23 ਹੋ ਜਾਵੇਗੀ।
ਸੌਂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਠ ਰਾਹਤ ਕੈਂਪ ਕਾਰਜਸ਼ੀਲ ਹਨ ਜਿਨਾਂ ਵਿੱਚ 662 ਲੋਕ ਅਤੇ 384 ਜਾਨਵਰ ਲਿਆਂਦੇ ਗਏ ਹਨ ਅਤੇ ਅਤੇ ਸਰਕਾਰ ਵੱਲੋਂ ਰਾਹਤ ਕੈਂਪਾਂ ਵਿੱਚ ਆਏ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ ਪੀੜਤਾਂ ਨਾਲ ਡੱਟ ਕੇ ਖੜੀ ਹੈ ਅਤੇ ਉਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।
24 ਘੰਟੇ ਲਈ ਮੈਡੀਕਲ ਟੀਮਾਂ ਤੈਨਾਤ ਕੀਤੀਆਂ
ਪੰਜਾਬ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੱਤਣ ਪੋਸਟ , ਕਾਵਾਂ ਵਾਲੀ ਪੱਤਣ ਅਤੇ ਅੱਤੁ ਵਾਲਾ ਪੁੱਲ ਵਿਖੇ 24 ਘੰਟੇ ਲਈ ਮੈਡੀਕਲ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਇਸ ਤੋਂ ਬਿਨਾਂ ਰਾਹਤ ਕੈਂਪਾਂ ਵਿੱਚ ਵੀ 24 ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਹੜਾਂ ਦੌਰਾਨ ਕੰਧ ਡਿੱਗਣ ਨਾਲ ਚਾਰ ਵਿਅਕਤੀ ਜ਼ਖਮੀ ਹੋਏ ਸੀ, ਇੱਕ ਵਿਅਕਤੀ ਨੂੰ ਕਰੰਟ ਲੱਗਿਆ ਸੀ ਅਤੇ ਇੱਕ ਬੱਚਾ ਪਾਣੀ ਵਿੱਚ ਡਿੱਗਿਆ ਸੀ, ਜਿਨਾਂ ਸਾਰਿਆਂ ਨੂੰ ਬਚਾ ਲਿਆ ਗਿਆ ਹੈ ਅਤੇ ਇਲਾਜ ਉਪਰੰਤ ਘਰ ਭੇਜ ਦਿੱਤਾ ਗਿਆ ਹੈ।
ਤਰੁਣਪ੍ਰੀਤ ਸੌਂਦ ਨੇ ਕਿਹਾ ਕਿ ਜਿਲ੍ਹੇ ਵਿੱਚ ਚਾਰ ਔਰਤਾਂ ਦੀ ਵੀ ਇਸ ਸਮੇਂ ਦੌਰਾਨ ਡਿਲੀਵਰੀ ਹੋਈ ਹੈ ਜਿਨਾਂ ਦੇ ਘਰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਸਨ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਸੈਂਪਲ ਜਾਂਚ ਲਈ ਚੰਡੀਗੜ੍ਹ ਦੀ ਲੈਬੋਰਟਰੀ ਵਿਖੇ ਭੇਜੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 1500 ਮਰੀਜ਼ਾਂ ਨੂੰ ਚੈੱਕ ਕਰਕੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਗਈਆਂ ਹਨ ਜਦਕਿ ਪਸ਼ੂ ਪਾਲਣ ਵਿਭਾਗ ਦੀਆਂ ਵੀ 14 ਟੀਮਾਂ ਜਿਲ੍ਹੇ ਵਿੱਚ ਕਾਰਜਸ਼ੀਲ ਹਨ।
ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੈਸਕਿਊ ਟੀਮਾਂ ਵੱਲੋਂ ਹੁਣ ਤੱਕ 2000 ਤੋਂ ਵੱਧ ਲੋਕਾਂ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢਿਆ ਗਿਆ ਹੈ। ਇਸ ਤੋਂ ਬਿਨਾਂ ਪ੍ਰਭਾਵਿਤ ਲੋਕਾਂ ਨੂੰ 2300 ਬੈਗ ਕੈਟਲ ਫੀਡ ਦੇ ਵੀ ਪ੍ਰਭਾਵਿਤ ਪਿੰਡਾਂ ਵਿੱਚ ਵੰਡਣ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਦੇ ਵੀ ਕੁਝ ਪਿੰਡਾਂ ਵਿੱਚ ਪਾਣੀ ਦਾ ਅਸਰ ਆਇਆ ਹੈ ਪਰ ਇੱਥੇ ਸਥਿਤੀ ਫਾਜ਼ਿਲਕਾ ਦੇ ਮੁਕਾਬਲੇ ਬਿਹਤਰ ਹੈ। ਉਨ੍ਹਾਂ ਕਿਹਾ ਕਿ ਇੱਥੇ ਵੀ ਰਾਸ਼ਨ ਕਿੱਟਾਂ ਅਤੇ ਤ੍ਰਿਪਾਲਾਂ ਦੀ ਵੰਡ ਕੀਤੀ ਗਈ ਹੈ।
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਹਰ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਕੈਬਨਿਟ ਮੰਤਰੀ ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ।