ਅੰਮ੍ਰਿਤਸਰ ਵਿੱਚ ਰਾਸ਼ਟਰਪਤੀ ਤੇ ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ਚੌਕਸ
Latest News: ਭਾਰਤ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਦੌਰੇ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਇਸ ਦੇ ਨਾਲ ਹੀ ਤਿਉਹਾਰਾਂ ਦੇ ਮੌਸਮ ਅਤੇ 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਹਿਰ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ।
ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਸਪੈਸ਼ਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਮੁੱਖ ਬਾਜ਼ਾਰਾਂ, ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਮਹੱਤਵਪੂਰਨ ਚੌਂਕਾਂ ‘ਤੇ ਵਾਹਨਾਂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ। ਖ਼ਾਸ ਤੌਰ ‘ਤੇ ਬਾਹਰਲੇ ਸੂਬਿਆਂ ਤੋਂ ਆ ਰਹੀਆਂ ਗੱਡੀਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਡੀਸੀਪੀ ਸਿਟੀ ਅੰਮ੍ਰਿਤਸਰ ਜਗਜੀਤ ਸਿੰਘ ਵਾਲੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਅਤੇ 26 ਜਨਵਰੀ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੋਈ ਲਾਪਰਵਾਹੀ ਨਹੀਂ ਵਰਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕੱਲ੍ਹ ਸ਼ਹਿਰ ਵਿੱਚ ਵੀਆਈਪੀ ਮੂਵਮੈਂਟ ਹੋਣ ਕਾਰਨ ਪੁਲਿਸ ਪੂਰੀ ਤਰ੍ਹਾਂ ਅਲਰਟ ‘ਤੇ ਹੈ।
ਡੀਸੀਪੀ ਨੇ ਇਹ ਵੀ ਦੱਸਿਆ ਕਿ ਅੱਜ ਅੰਮ੍ਰਿਤਸਰ ਦੇ ਕੁਝ ਸਕੂਲਾਂ ਨੂੰ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ ਹਨ, ਜਿਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਨੂੰ ਟਰੇਸ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਸਾਰੀ ਚੈਕਿੰਗ ਦਾ ਮੁੱਖ ਮਕਸਦ ਅੰਮ੍ਰਿਤਸਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ ਅਤੇ ਅੰਮ੍ਰਿਤਸਰ ਪੁਲਿਸ ਦਿਨ-ਰਾਤ ਸ਼ਹਿਰ ਵਾਸੀਆਂ ਦੀ ਰੱਖਿਆ ਲਈ ਵਚਨਬੱਧ ਹੈ।